ਗੁਰਭੇਜ ਰਾਣਾ/ਦਲਬੀਰ ਸੱਖੋਵਾਲੀਆ
ਸ੍ਰੀ ਹਰਗੋਬਿੰਦਪੁਰ/ਬਟਾਲਾ, 9 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਪਾਰਟੀ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੇ ਹੱਕ ਵਿੱਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 20 ਫਰਵਰੀ ਮਗਰੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਖ਼ਤਮ ਹੋ ਜਾਵੇਗੀ। ਦਾਣਾ ਮੰਡੀ ਵਿੱਚ ਹੋਈ ਰੈਲੀ ਦੌਰਾਨ ਅਕਾਲੀ ਦਲ ਦੇ ਸਭ ਧੜੇ ਇੱਕ ਮੰਚ ’ਤੇ ਇਕੱਠੇ ਹੋਏ। ਇਸ ਦੌਰਾਨ ਕੁਝ ਪਿੰਡਾਂ ਦੇ ਕਾਂਗਰਸੀ ਸਰਪੰਚ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ। ਸੁਖਬੀਰ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਨੇ ਸੂਬੇ ਦਾ ਚੁਫੇਰਿਓਂ ਵਿਕਾਸ ਕਰਵਾਇਆ ਪਰ ਮੌਜੂਦਾ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਤੀਰਥ ਯਾਤਰਾ, ਪਿੰਡਾਂ ਕਸਬਿਆਂ ਦੇ ਸੇਵਾ ਕੇਂਦਰਾਂ ਸਮੇਤ ਹੋਰ ਸਕੀਮਾਂ ਬੰਦ ਕਰਵਾ ਦਿੱਤੀਆਂ। ਅਕਾਲੀ ਦਲ ਦੇ ਪ੍ਰਧਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨੇ ’ਤੇ ਲਿਆ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਕਾਂਗਰਸੀ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਜੀ ਆਇਆਂ ਕਿਹਾ। ਸ੍ਰੀ ਬਾਦਲ ਨੇ ਰਾਜਨ ਗਿੱਲ ਨੂੰ ਪਾਰਟੀ ਦਾ ਜਨਰਲ ਸਕੱਤਰ ਨਾਮਜ਼ਦ ਕਰ ਦਿੱਤਾ ਹੈ। ਇਸ ਸਬੰਧੀ ਸੱਦੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਰਾਜਨ ਗਿੱਲ ਨੇ ਦੋਸ਼ ਲਾਇਆ ਕਿ ਕਾਂਗਰਸ ਵਿੱਚ ਟਿਕਟਾਂ ਵੇਚੀਆਂ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਨਿਰਾਸ਼ਾ ਹੋਈ ਹੈ, ਜਿਸ ਕਾਰਨ ਉਨ੍ਹਾਂ ਕਾਂਗਰਸ ਨੂੰ ਅਲਵਿਦਾ ਕਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਅਜਿਹੇ ਆਗੂਆਂ ਨੂੰ ਮੁੜ ਟਿਕਟ ਦਿੱਤੀ ਗਈ ਹੈ, ਜਿਨ੍ਹਾਂ ਦਾ ਨਾਂ ਰੇਤ ਅਤੇ ਸ਼ਰਾਬ ਮਾਫੀਆ ਵਜੋਂ ਲਿਆ ਜਾਂਦਾ ਹੈ। ਰਾਜਨ ਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਨਾਲ ਚੱਲ ਰਿਹਾ ਹੈ। ਉਨ੍ਹਾਂ ਦੇ ਪਿਤਾ ਸੰਤ ਸਿੰਘ ਗਿੱਲ ਬਿਆਸ ਤੋਂ ਕਾਂਗਰਸ ਦੇ ਵਿਧਾਇਕ ਰਹੇ ਹਨ ਪਰ ਕਾਂਗਰਸ ਦੇ ਮੌਜੂਦਾ ਹਾਕਮਾਂ ਦੇ ਵਤੀਰੇ ਤੋਂ ਉਹ ਨਾਖੁਸ਼ ਹਨ। ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਨਵਜੋਤ ਸਿੰਘ ਸਿੱਧੂ ਨੇ ਸੂਬੇ ਵਿੱਚ ਨਫ਼ਰਤ ਦੀ ਰਾਜਨੀਤੀ ਫ਼ੈਲਾਈ ਹੈ।