ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਅਗਸਤ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਮੁੱਲਾਂਪੁਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਉਦਘਾਟਨ ’ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ’ਚ ਕੈਂਸਰ ਹਸਪਤਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਦੇਣ ਹੈ, ਪਰ ਪ੍ਰਾਜੈਕਟ ਪੂਰਾ ਹੋਣ ’ਤੇ ਉਦਘਾਟਨ ਮੌਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਮਾਗਮ ਸਥਾਨ ਜਾਂ ਫਿਰ ਇਸ਼ਤਿਹਾਰ ’ਚ ਜੇਕਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਫੋਟੋ ਲੱਗੀ ਹੁੰਦੀ ਤਾਂ ਚੰਗਾ ਲੱਗਦਾ, ਪਰ ਪੰਜਾਬ ਸਰਕਾਰ ਹਰ ਗੱਲ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੀ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਹ ਕੈਂਸਰ ਹਸਪਤਾਲ ਕਾਂਗਰਸ ਦੀ ਦੇਣ ਹੈ ਤੇ ਇਸ ’ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਪੂਰੀ ਦੁਨੀਆਂ ’ਚ ਯਾਦ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੂੰ ਆਪਣੇ ਹੀ ਦੇਸ਼ ’ਚ ਅਣਗੌਲਿਆਂ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਜਾਣਾ ਚਾਹੀਦਾ ਸੀ।
ਸੱਦਾ ਪੱਤਰ ਨਾ ਭੇਜਣਾ ‘ਆਪ’ ਦੀ ਸੌੜੀ ਸੋਚ: ਬਾਜਵਾ
ਚੰਡੀਗੜ੍ਹ (ਟਨਸ): ਵਿਰੋਧੀ ਧਿਰ ਦੇ ਨੇਤਾ ਤੇ ਸਾਬਕਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜਾਰੀ ਬਿਆਨ ਵਿਚ ਕਿਹਾ ਕਿ ‘ਆਪ’ ਸਰਕਾਰ ਨੇ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਉਦਘਾਟਨੀ ਸਮਾਰੋਹਾਂ ’ਚ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸੱਦਾ ਪੱਤਰ ਨਾ ਭੇਜ ਕੇ ਆਪਣੀ ਸੌੜੀ ਸੋਚ ਦਾ ਸਬੂਤ ਦਿੱਤਾ ਹੈ। ਉਹ ਵਿਰੋਧੀ ਧਿਰ ਦਾ ਨੇਤਾ ਹੋਣ ਦੇ ਨਾਤੇ ‘ਆਪ’ ਪਾਰਟੀ ਦੀ ਇਸ ਸੋਚ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਿਆਸੀ ਪਰਪੱਕਤਾ ਦੀ ਘਾਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਤਤਕਾਲੀ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਰੱਖਿਆ ਸੀ।