ਸੰਜੀਵ ਬੱਬੀ
ਚਮਕੌਰ ਸਾਹਿਬ, 19 ਦਸੰਬਰ
ਚਮਕੌਰ ਸਾਹਿਬ ਵਿਖੇ ਤਿੰਨ ( 21, 22 ਤੇ 23 ਦਸੰਬਰ ) ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐਸਡੀਐਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਨਤਮਸਤਕ ਹੋਣ ਲਈਂ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੇ ਕੋਈ ਵੀ ਆਰਜ਼ੀ ਦੁਕਾਨਾਂ ਨਹੀਂ ਲੱਗਣਗੀਆਂ ਚਾਹੀਦੀਆਂ। ਉਨ੍ਹਾਂ ਸਮਾਗਮ ਦੌਰਾਨ ਪੀਣ ਵਾਲੇ ਪਾਣੀ, ਆਰਜੀ ਪਖਾਨੇ, ਬਿਜਲੀ ਦੀ ਨਿਰਵਿਘਨ ਸਪਲਾਈ, 24 ਘੰਟੇ ਸਿਹਤ ਸਹੂਲਤਾਂ, ਮੁੱਖ ਮਾਰਗ ਤੇ ਨਿਰਵਿਘਨ ਆਵਾਜਾਈ ਆਦਿ ਸਬੰਧੀ ਵਿਚਾਰਾਂ ਕੀਤੀਆਂ ਅਤੇ ਇਨ੍ਹਾਂ ਲਈ ਸੁਚਾਰੂ ਪ੍ਰਬੰਧ ਤੁਰੰਤ ਮੁਕੰਮਲ ਕਰਨ ਲਈ ਵੀ ਹਦਾਇਤ ਕੀਤੀ । ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਉਨ੍ਹਾਂ ਵਲੋਂ ਨਗਰ ਕੌਂਸਲ ਦਫਤਰ ਨੇੜੇ ਇੱਕ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਪਤਿਤ ਸਿੱਖ ਨੌਜਵਾਨਾਂ ਨੂੰ ਮੁੜ ਤੋਂ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਖਾਸ ਵਿਅਕਤੀ ਨੂੰ ਕੋਈ ਪਾਸ ਜਾਰੀ ਨਹੀਂ ਕੀਤਾ ਜਾਵੇਗਾ, ਕਿਉਂਕਿ ਸਾਰੀ ਹੀ ਸੰਗਤ ਖਾਸ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਮਕੌਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ ਕਰਵਾਉਣ ਅਤੇ ਸਿੱਖ ਇਤਿਹਾਸ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਉਣ। ਇਸ ਮੌਕੇ ਐਸਡੀਐਮ ਅਮਰੀਕ ਸਿੰਘ ਸਿੱਧੂ , ਨਾਇਬ ਤਹਿਸੀਲਦਾਰ ਦਲਵਿੰਦਰ, ਡੀਐਸਪੀ ਜਰਨੈਲ ਸਿੰਘ, ਮੈਨੇਜਰ ਭਾਈ ਨੱਥਾ ਸਿੰਘ, ਐਸਐਮਉ ਡਾ ਗੋਬਿੰਦ ਟੰਡਨ, ਬੀਡੀਪੀਓ ਹਰਕੀਰਤ ਸਿੰਘ, ਕੌਂਸਲਰ ਭੁਪਿੰਦਰ ਸਿੰਘ ਭੂਰਾ ਅਤੇ ਸੁਖਵੀਰ ਸਿੰਘ ਆਦਿ ਹਾਜ਼ਰ ਸਨ।