ਪਵਨ ਗੋਇਲ
ਭੁੱਚੋ ਮੰਡੀ, 9 ਜਨਵਰੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਅੱਜ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਸਮੇਤ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਆਵਾਜਾਈ ਰੋਕ ਕੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂਂ ਦਾ ਘੜਾ ਭੰਨ੍ਹਿਆ। ਮੋਰਚੇ ਦੇ ਸੂਬਾਈ ਆਗੂਆਂਂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ ਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਪਿਛਲੇ 15-20 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ।
ਹਾਲਾਂਕਿ ਪੰਜਾਬ ਸਰਕਾਰ ਨੇ ਮੋਰਚੇ ਦੇ ਸੂਬਾਈ ਆਗੂਆਂ ਨਾਲ 19 ਦਸੰਬਰ ਅਤੇ 3 ਜਨਵਰੀ ਨੂੰ ਕੀਤੀਆਂ ਮੀਟਿੰਗਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਸ਼ਾਮਲ ਕਰਨ ਦਾ ਭਰੋਸਾ ਵੀ ਦਿਵਾਇਆ ਸੀ, ਪਰ ਚੋਣ ਜ਼ਾਬਤਾ ਲੱਗਣ ਤੱਕ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਸ਼ਾਮਲ ਨਹੀਂ ਕੀਤਾ ਗਿਆ, ਜਿਸ ਦੇ ਵਿਰੋਧ ਵਜੋਂ ਅੱਜ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ-ਲਾਰਿਆਂ ਦਾ ਘੜਾ ਸਮੁੱਚੇ ਪੰਜਾਬ ਭਰ ਵਿੱਚ ਭੰਨ੍ਹਿਆ ਗਿਆ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਤੇ ਵੋਟਾਂ ਮੰਗਣ ਲਈ ਆਉਣ ਵਾਲੇ ਸਿਆਸੀ ਆਗੂਆਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਪੁੱਛੇ ਜਾਣਗੇ।
ਵੋਟਾਂ ਲੈਣ ਆਏ ਸੱਤਾਧਾਰੀਆਂ ਨੂੰ ਘੇਰ ਕੇ ਸੁਆਲ ਕਰਨ ਦਾ ਐਲਾਨ
ਬਠਿੰਡਾ (ਸ਼ਗਨ ਕਟਾਰੀਆ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਵਰਕਰਾਂ ਨੇ ਅੱਜ ਇੱਥੇ ਭਾਈ ਘਨ੍ਹੱਈਆ ਚੌਕ ਵਿੱਚ ਪੰਜਾਬ ਸਰਕਾਰ ’ਤੇ ਉਨ੍ਹਾਂ ਨਾਲ ਵਾਅਦਾਖ਼ਿਲਾਫ਼ੀ ਕਰਨ ਦਾ ਦੋਸ਼ ਲਾਉਂਦਿਆਂ, ਸਰਕਾਰ ਦੇ ਲਾਰਿਆਂ ਦਾ ਘੜਾ ਭੰਨ੍ਹਿਆ। ਵਿਖਾਵਾਕਾਰੀਆਂ ਨੇ ਵੋਟਾਂ ਲੈਣ ਆਏ ਹਾਕਮ ਧਿਰ ਦੇ ਆਗੂਆਂ ਨੂੰ ਘੇਰ ਕੇ ਸੁਆਲ ਕਰਨ ਦਾ ਐਲਾਨ ਵੀ ਕੀਤਾ। ਮੋਰਚੇ ਦੇ ਆਗੂ ਗੁਰਵਿੰਦਰ ਪੰਨੂ, ਸੰਦੀਪ ਖ਼ਾਨ ਤੇ ਹਰਜਿੰਦਰ ਬਰਾੜ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਸਨ, ਉਨ੍ਹਾਂ ’ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।