ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਜੁਲਾਈ
ਸ਼ਹੀਦ ਭਗਤ ਸਿੰਘ ਦੇ ਧਰਮ ਅਤੇ ਸ਼ਹਾਦਤ ਬਾਰੇ ਵਿਵਾਦ ਨੂੰ ਸਿੱਖ ਵਿਦਵਾਨਾਂ ਨੇ ਬੇਲੋੜਾ ਕਰਾਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਗਤ ਸਿੰਘ ਦੀ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕੀਤੀ ਤਸਵੀਰ ਨੂੰ ਤੁਰੰਤ ਹਟਾਏ ਜਾਣ ਦਾ ਕੋਈ ਵਿਚਾਰ ਨਹੀਂ ਹੈ।
ਕੱਲ੍ਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨੁਮਾਇੰਦਿਆਂ ਨੇ ਇੱਥੇ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਭਗਤ ਸਿੰਘ ਦੀ ਤਸਵੀਰ ਨੂੰ ਹਟਾਇਆ ਜਾਵੇ। ਮਾਨ ਦਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਭਗਤ ਸਿੰਘ ਦਾ ਪੱਤਰ ਵੀ ਦਿੱਤਾ ਗਿਆ ਹੈ ਜਿਸ ਵਿੱਚ ਉਸ ਨੇ ਖ਼ੁਦ ਨੂੰ ਨਾਸਤਿਕ ਆਖਿਆ ਹੈ।
ਇਸ ਸਬੰਧੀ ਸਿੱਖ ਵਿਦਵਾਨ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਅਤੇ ਤਸਵੀਰ ਨੂੰ ਹਟਾਉਣ ਸਬੰਧੀ ਇਹ ਬੇਲੋੜਾ ਵਿਵਾਦ ਹੈ। ਇਸ ਵੇਲੇ ਕੌਮ ਨੂੰ ਸਹੀ ਦਿਸ਼ਾ ਦੇਣ ਅਤੇ ਇਕਜੁੱਟ ਕਰਨ ਦੀ ਲੋੜ ਹੈ, ਅਜਿਹਾ ਵਿਵਾਦ ਸਿੱਖਾਂ ਵਿੱਚ ਹੋਰ ਵੰਡੀਆਂ ਪਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਦਰਜ ਹੈ ਕਿ ਸ਼ਹਾਦਤ ਤੋਂ ਪਹਿਲਾਂ ਭਾਈ ਰਣਧੀਰ ਸਿੰਘ ਭਗਤ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਸੁਧਾਈ ਕਰਦਿਆਂ ਸਿੱਖੀ ਵਿੱਚ ਸ਼ਮੂਲੀਅਤ ਕਰ ਲਈ ਸੀ। ਉਂਜ ਵੀ ਉਨ੍ਹਾਂ ਦੇ ਪਿਤਾ ਅੰਮ੍ਰਿਤਧਾਰੀ ਸਿੱਖ ਸਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਲਈ ਫਾਂਸੀ ਦਾ ਰੱਸਾ ਚੁੰਮ ਕੇ ਸ਼ਹਾਦਤ ਦਿੱਤੀ ਸੀ।
ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ ਨੇ ਵੀ ਇਸ ਨੂੰ ਬੇਲੋੜਾ ਵਿਵਾਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਬਾਰੇ ਪੰਜਾਬ ਅਤੇ ਦੇਸ਼ ਦੇ ਲੋਕਾਂ ਦੇ ਦਿਲਾਂ ਵਿਚ ਨਿਵੇਕਲਾ ਥਾਂ ਹੈ। ਉਨ੍ਹਾਂ ਆਖਿਆ ਕਿ ਇਹ ਵਿਵਾਦ ਸਿੱਖ ਕੌਮ ਵਿੱਚ ਵੰਡੀਆਂ ਪਾਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਕੋਈ ਵੀ ਤਸਵੀਰ ਸਥਾਪਤ ਕਰਨ ਲਈ ਵਿਸ਼ੇਸ਼ ਸਬ-ਕਮੇਟੀ ਬਣਾਈ ਹੋਈ ਹੈ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਸਿੱਧੇ ਰੂਪ ਵਿੱਚ ਕੋਈ ਫ਼ੈਸਲਾ ਨਹੀਂ ਲੈ ਸਕਦੀ।