ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਅਪਰੈਲ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਰੋਨਾ ਦੇ ਵਧ ਰਹੇ ਪਸਾਰੇ ਦੌਰਾਨ ਪੈਦਾ ਹੋ ਰਹੇ ਸੰਕਟ ਤੋਂ ਜਾਣੂ ਕਰਾਇਆ ਅਤੇ ਸੁਝਾਅ ਦਿੱਤਾ ਕਿ ਇਸ ਸਬੰਧੀ ਗੁਆਂਢੀ ਮੁਲਕ ਵੱਲੋਂ ਪੇਸ਼ ਕੀਤੀ ਮਦਦ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ। ਪੱਤਰ ਵਿੱਚ ਸ੍ਰੀ ਔਜਲਾ ਨੇ ਲਿਖਿਆ ਕਿ ਸਰਹੱਦੀ ਜ਼ਿਲ੍ਹੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਖਤਰੇ ਵਾਲੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਗੁਆਂਢੀ ਮੁਲਕ ਪਾਕਿਸਤਾਨ ਅਤੇ ਈਦੀ ਫਾਊਂਡੇਸ਼ਨ ਵੱਲੋਂ ਕੀਤੀ ਮਦਦ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਬੰਧਾਂ ਨੂੰ ਸੁਧਾਰਨ ਲਈ ਵੀ ਰਾਹ ਪੱਧਰਾ ਹੋਵੇਗਾ। ਉਨ੍ਹਾਂ ਨੇ ਗੁਰੂ ਤੇਗ਼ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ ਹੈ।