ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ’ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਹੈ। ਕੈਬਨਿਟ ਮੰਤਰੀ ਸ੍ਰੀ ਭੁੱਲਰ ਨੇ ਕਿਹਾ ਕਿ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਸ ਸਬੰਧੀ ਮੁਢਲੀ ਪੜਤਾਲ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ। ਜਾਂਚ ਟੀਮ ਵੱਲੋਂ ਪੇਸ਼ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸਰਨ ਸਿੰਘ ਨੂੰ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸ਼ਾਂ ਤਹਿਤ ਮੁਅੱਤਲ ਕੀਤਾ ਹੈ।