ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਬਣੇ ਤਿੰਨ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਕੇਜਰੀਵਾਲ ’ਤੇ ਮਗਰਮੱਝ ਦੇ ਹੰਝੂ ਵਹਾਉਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਦਿੱਲੀ ਦੇ ਮੁੱਖ ਮੰਤਰੀ ਨੇ ਸਿਰਫ ਸਿਆਸੀ ਬੇਈਮਾਨੀ ਹੀ ਨਹੀਂ ਕੀਤੀ ਸਗੋਂ ਕਿਸਾਨਾਂ ਨਾਲ ਵੀ ਧੋਖਾ ਕੀਤਾ ਹੈ। ਪਾਰਟੀ ਪ੍ਰਧਾਨ ਨੇ ਕਿਹਾ ਕਿ ਉਹ ਤੇ ਕਿਸਾਨ ਇਸ ਗੱਲੋਂ ਹੈਰਾਨ ਹਨ ਕਿ ਕੇਜਰੀਵਾਲ ਨੇ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰਨ ’ਚ ਕਾਹਲ ਵਿਖਾ ਕੇ 23 ਨਵੰਬਰ ਨੂੰ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ। ਕਿਸਾਨਾਂ ਨਾਲ ਕੀਤੇ ਇਸ ਧੋਖੇ ਨਾਲ ‘ਆਪ’ ਫਿਰ ਬੇਨਕਾਬ ਹੋ ਗਈ ਹੈ।