ਪਾਲਾ ਸਿੰਘ ਨੌਲੀ/ਜਸਬੀਰ ਸਿੰਘ ਚਾਨਾ
ਜਲੰਧਰ/ਫਗਵਾੜਾ, 6 ਮਾਰਚ
ਕਰੋਨਵਾਇਰਸ ਦੇ ਮੁੜ ਪੈਰ ਪਸਾਰਨ ਕਾਰਨ ਪੰਜਾਬ ਦੇ ਚਾਰ ਜ਼ਿਲ੍ਹਿਆਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਤੇ ਕਪੂਰਥਲਾ ਵਿੱਚ ਸ਼ਨਿਚਰਵਾਰ ਤੋਂ ਰਾਤ ਦਾ ਕਰਫਿਊ ਲਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਸ਼ਨਿਚਰਵਾਰ ਤੋਂ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਫ਼ੈਕਟਰੀਆਂ ਦੇ ਸਟਾਫ਼/ਲੇਬਰ ਜੋ 24 ਘੰਟੇ ਸ਼ਿਫ਼ਟਾਂ ’ਚ ਕੰਮ ਕਰਦੇ ਹਨ, ਐਮਰਜੈਂਸੀ ਸਿਹਤ ਸੇਵਾਵਾਂ, ਨੈਸ਼ਨਲ ਹਾਈਵੇਅ ’ਤੇ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਕੇ ਵਾਪਸ ਪਰਤ ਰਹੇ ਲੋਕਾਂ ’ਤੇ ਲਾਗੂ ਨਹੀਂ ਹੋਵੇਗਾ। ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ ਵੀਡੀਓ-ਕਾਨਫਰੰਸ ਵਿੱਚ ਹਿੱਸਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਸਿਹਤ ਅਧਿਕਾਰੀਆਂ ਨੂੰ ਮਾਈਕਰੋ-ਕੰਟੇਨਮੈਂਟ ਜ਼ੋਨਾਂ ’ਤੇ ਨਜ਼ਰ ਰੱਖਣ ਲਈ ਕਿਹਾ ਹੈ। -ਟਨਸ