ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਜਨਵਰੀ
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਵਿਵਾਦਤ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਇਹ ਕਾਨੂੰਨ ਰੱਦ ਕਰ ਕੇ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬੇਲੋੜੀ ਦੇਰੀ ਨਾਲ ਮਾਹੌਲ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਕਿਸਾਨੀ ਘੋਲ ਦੌਰਾਨ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ।
ਉਨ੍ਹਾਂ ਆਖਿਆ ਕਿ ਕਿਸਾਨ ਜਥੇਬੰਦੀਆਂ ਸੰਘਰਸ਼ ਦੀ ਸਫ਼ਲਤਾ ਅਤੇ ਠੋਸ ਨਤੀਜਿਆਂ ਦੀ ਪ੍ਰਾਪਤੀ ਲਈ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਤਾਂ ਜੋ ਸੰਘਰਸ਼ ਜਾਰੀ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਬੰਦ ਕੀਤੀ ਜਾਵੇ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਇੱਕੋ ਸਾਂਝਾ ਪ੍ਰੋਗਰਾਮ ਦਿੱਤਾ ਜਾਵੇ। ਉਨ੍ਹਾਂ ਨੇ ਸੰਤ ਸਮਾਜ ਨੂੰ ਅਪੀਲ ਕੀਤੀ ਕਿ ਕਿਸਾਨੀ ਸੰਘਰਸ਼ ਕੌਮੀ ਲੜਾਈ ਹੈ ਅਤੇ ਇਸ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।