ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਅਕਤੂਬਰ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਸਰਹੱਦਾਂ ’ਤੇ ਤਾਇਨਾਤ ਬੀਐੱਸਐੱਫ ਦੇ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਸ ਨੂੰ ਰਾਜਾਂ ਦੇ ਅਧਿਕਾਰਾਂ ਦਾ ਉਲੰਘਣ ਆਖਦਿਆਂ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਮੂਹ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਫ਼ੈਸਲਾ ਭਾਰਤੀ ਸੰਵਿਧਾਨ ਅਤੇ ਸੰਘੀ ਢਾਂਚੇ ਦੀ ਰੂਹ ਨਾਲ ਖਿਲਵਾੜ ਹੈ। ਉਨ੍ਹਾਂ ਕੇਂਦਰ ਨੂੰ ਰਾਜਾਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਤੇ ਰਾਜ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਇੱਕਤਰਫ਼ਾ ਫ਼ੈਸਲਾ ਨਾ ਲੈਣ ਦੀ ਸਲਾਹ ਦਿੱਤੀ।