ਪੱਤਰ ਪ੍ਰੇਰਕ
ਅੰਮ੍ਰਿਤਸਰ, 12 ਜੁਲਾਈ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਾਈ ਕੋਰਟ ਭਵਨ ਲਈ ਵੱਖਰੀ ਜ਼ਮੀਨ ਮੰਗਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਮੌਜੂਦਾ ਮੁੱਖ ਮੰਤਰੀ ਨੇ ਪੰਜਾਬ ਦੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਨੇ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣੀ ਹੀ ਹੈ ਤਾਂ ਉਹ ਉਸੇ ਖ਼ਰਚੇ ਤੇ ਲਾਗਤ ਨਾਲ ਪੰਚਕੂਲਾ ਵਿੱਚ ਨਵੀਂ ਇਮਾਰਤ ਦਾ ਨਿਰਮਾਣ ਕਰ ਕੇ ਦੇ ਦੇਵੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ।