ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਗਸਤ
ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸਿਆਸਤ ਹਾਂ ਪੱਖੀ ਤੇ ਲੋਕਾਂ ਦੀ ਭਲਾਈ ਲਈ ਹੋਣੀ ਚਾਹੀਦੀ ਹੈ। ਐੱਨਡੀਪੀਐੱਸ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਉਹ ਅੱਜ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਪੁੱਜੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸਤ ਵਿਚ ਨਫ਼ਰਤ ਦੇ ਬੀਜ ਬੀਜਣਾ ਜਾਇਜ਼ ਨਹੀਂ ਹੈ ਤੇ ਸਿਆਸਤ ਹਾਂ ਪੱਖੀ ਤੇ ਲੋਕਾਂ ਦੀ ਭਲਾਈ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਉਨ੍ਹਾਂ ਖ਼ਿਲਾਫ਼ ਇਹ ਕੇਸ ਦਰਜ ਕਰਵਾਇਆ ਹੈ। ਕੇਸ ਦਰਜ ਕਰਨ ਲਈ ਕਈ ਪੁਲੀਸ ਅਧਿਕਾਰੀਆਂ ਨੂੰ ਮਜਬੂਰ ਕੀਤਾ ਗਿਆ ਅਤੇ ਬਦਲਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਅਜਿਹੀ ਬਦਲਾਖੋਰੀ ਦੀ ਸਿਆਸਤ ਨਾਲ ਲੋਕਾਂ ਨੂੰ ਕੀ ਫ਼ਾਇਦਾ ਹੋਇਆ। ਇਸ ਦੌਰਾਨ ਸ੍ਰੀ ਮਜੀਠੀਆ ਨੇ ਦੱਸਿਆ ਕਿ ਜੇਲ੍ਹ ਦੌਰਾਨ ਉਹ ਆਪਣੀ ਮਾਂ ਅਤੇ ਬੱਚਿਆਂ ਦੀ ਹਾਲਤ ਨੂੰ ਦੇਖ ਕੇ ਦੁਖੀ ਹੋਏ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਆਪਣਾ ਹੌਸਲਾ ਬਣਾਈ ਰੱਖਿਆ। ਇਸੇ ਲਈ ਉਹ ਅੱਜ ਗੁਰੂ ਘਰ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਨ ਵਾਸਤੇ ਆਏ ਹਨ। ਮਜੀਠਾ ਹਲਕੇ ਤੋਂ ਮਿਲੀ ਜਿੱਤ ਬਾਰੇ ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਤੇ ਉਸ ਦੇ ਪਰਿਵਾਰ ਨੂੰ ਪਿਆਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਜਦੋਂ ‘ਆਪ’ ਨੇ 92 ਸੀਟਾਂ ਜਿੱਤੀਆਂ ਅਤੇ ਵਿਰੋਧੀ ਧਿਰ ਦੇ ਸਾਰੇ ਵੱਡੇ ਆਗੂ ਹਾਰ ਗਏ ਤਾਂ ਅਜਿਹੀ ਸਥਿਤੀ ਵਿੱਚ ਵੀ ਮਜੀਠਾ ਹਲਕੇ ਦੇ ਲੋਕਾਂ ਨੇ ਉਸ ਦੇ ਪਰਿਵਾਰ ਨੂੰ ਜਿਤਾਇਆ ਹੈ। ਇਸ ਮੌਕੇ ਬਿਕਰਮ ਮਜੀਠੀਆ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਵੀ ਉਨ੍ਹਾਂ ਦੇ ਨਾਲ ਸਨ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਜਦੋਂ ਉਹ ਅੰਮ੍ਰਿਤਸਰ ਪੁੱਜੇ ਸਨ ਤਾਂ ਉਨ੍ਹਾਂ ਦਾ ਸ਼ਹਿਰ ਵਿੱਚ ਆਮਦ ’ਤੇ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਫੁੱਲਾਂ ਦੇ ਹਾਰ ਅਤੇ ਸਿਰੋਪੇ ਪਾ ਕੇ ਜੀ ਆਇਆਂ ਆਖਿਆ ਗਿਆ। ਇਸ ਤੋਂ ਇਲਾਵਾ ਰਾਹ ਵਿੱਚ ਕਈ ਥਾਵਾਂ ’ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ।