ਖੇਤਰੀ ਪ੍ਰਤੀਨਿਧ
ਪਟਿਆਲਾ, 19 ਜੁਲਾਈ
ਕਬੂਤਰਬਾਜ਼ੀ ਮਾਮਲੇ ਵਿੱਚ ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਨਾਲ ਅੱਜ ਉਸ ਦੇ ਭਰਾ ਜੋਗਿੰਦਰ ਸਿੰਘ ਨੇ ਮੁਲਾਕਾਤ ਕੀਤੀ। ਦੋ ਦਿਨ ਪਹਿਲਾਂ ਭਾਵੇਂ ਗਾਇਕ ਤੇ ਸੰਸਦ ਮੈਂਬਰ ਹੰਸ ਰਾਜ ਹੰਸ ਤੇ ਅਦਾਕਾਰ ਹੌਬੀ ਧਾਲੀਵਾਲ ਵੀ ਦਲੇਰ ਮਹਿੰਦੀ ਨਾਲ ਮੁਲਾਕਾਤ ਕਰ ਚੁੱਕੇ ਹਨ, ਪਰ ਪਰਿਵਾਰ ਦੇ ਕਿਸੇ ਮੈਂਬਰ ਵੱਲੋਂ ਪਲੇਠੀ ਮੁਲਾਕਾਤ ਅੱਜ ਹੋਈ ਹੈ। ਜ਼ਿਕਰਯੋਗ ਹੈ ਕਬੂਤਰਬਾਜ਼ੀ ਮਾਮਲੇ ’ਚ ਪਿਛਲੇ ਹਫ਼ਤੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਦਲੇਰ ਮਹਿੰਦੀ ਵੱਲੋਂ ਐਡਵੋਕੇਟ ਆਰਐੱਸ ਚੀਮਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ 20 ਜੁਲਾਈ ਨੂੰ ਹੋਵੇਗੀ।