ਅਜੇ ਮਲਹੋਤਰਾ
ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 17 ਜੁਲਾਈ
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਬਸੀ ਪਠਾਣਾ ਵਿੱਚ 358 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਮੈਗਾ ਡੇਅਰੀ ਪ੍ਰਾਜੈਕਟ ਅਤੇ ਪੁਰਾਤਨ ਜੇਲ੍ਹ ਦਾ ਦੌਰਾ ਕੀਤਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੇ ਵਿਕਾਸ ਪ੍ਰਾਜੈਕਟ ਤੈਅ ਸਮੇਂ ਉੱਤੇ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਗਾ ਡੇਅਰੀ ਪ੍ਰਾਜਕੈਟ ਦਾ ਪਹਿਲਾ ਫੇਜ਼ 138 ਕਰੋੜ ਰੁਪਏ ਦੀ ਲਾਗਤ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਇਸ ਪ੍ਰਾਜਕੈਟ ਸਦਕਾ ਜਿੱਥੇ ਖੇਤਰ ਦੇ ਡੇਅਰੀ ਕਿੱਤੇ ਨਾਲ ਸਬੰਧਤ ਲੋਕਾਂ ਨੂੰ ਫਾਇਦਾ ਹੋਵੇਗਾ, ਉੱਥੇ ਹੀ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਨੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਨਾਲ ਸਬੰਧਤ ਪੁਰਾਤਨ ਜੇਲ੍ਹ ਬਸੀ ਪਠਾਣਾ ਦੀ ਸੰਭਾਲ ਲਈ ਚੱਲ ਰਹੇ 01.82 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਇਸ ਪ੍ਰਾਜੈਕਟ ਨੂੰ ਤੈਅ ਸਮੇਂ ਉੱਤੇ ਮੁਕੰਮਲ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਐੱਸਡੀਐੱਮ ਬਸੀ ਪਠਾਣਾ ਯਸ਼ਪਾਲ ਸ਼ਰਮਾ ਵੀ ਮੌਜੂਦ ਸਨ।