ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 11 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੋਂ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ ਕਥਿਤ 40 ਲੱਖ 85 ਹਜ਼ਾਰ 175 ਰੁਪਏ ਦੀ ਹੇਰਾਫ਼ੇਰੀ ਕਰਨ ਦੇ ਦੋਸ਼ ਹੇਠ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਸਮੇਤ ਇਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਹੇਰਾਫੇਰੀ ਸਬੰਧੀ ਤਤਕਾਲੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਸਣੇ ਪੰਜ ਵਿਅਕਤੀਆਂ ਖ਼ਿਲਾਫ਼ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਦੋਸ਼ ਹੈ ਕਿ ਉਨ੍ਹਾਂ ਨੇ ਮਿਲੀਭੁਗਤ ਨਾਲ ਕੁਝ ਨਿੱਜੀ ਫ਼ਰਮਾਂ ਅਤੇ ਇਕ ਨਿੱਜੀ ਵਿਅਕਤੀ ਦੇ ਨਾਂ ’ਤੇ ਕਥਿਤ ਜਾਅਲੀ ਫੰਡ ਜਾਰੀ ਕਰ ਕੇ ਸਰਕਾਰੀ ਫੰਡਾਂ ਵਿੱਚ 40 ਲੱਖ 85 ਹਜ਼ਾਰ 175 ਰੁਪਏ ਦੀ ਕਥਿਤ ਹੇਰਾਫ਼ੇਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਅਤੇ ਇਕ ਨਿੱਜੀ ਵਿਅਕਤੀ ਹੰਸਪਾਲ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ ਅਤੇ ਇਸੇ ਤਹਿਤ ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।