ਪੱਤਰ ਪ੍ਰੇਰਕ
ਮੁਕੇਰੀਆਂ, 15 ਸਤੰਬਰ
ਇਥੇ ਖਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਐੱਨਸੀਸੀ ਟਰਾਇਲ ਦੌਰਾਨ ਬੀਐੱਸਸੀ ਭਾਗ ਦੂਜਾ ਦੀ ਵਿਦਿਆਰਥਣ ਬੇਹੋਸ਼ ਹੋ ਕੇ ਡਿੱਗ ਪਈ ਤੇ ਹਸਪਤਾਲ ਲਿਜਾਂਦੇ ਹੋਏ ਉਸ ਦੀ ਮੌਤ ਹੋ ਗਈ। ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਬੀਐੱਸਸੀ ਸਮੈਸਟਰ ਤੀਜਾ ਦੀ ਵਿਦਿਆਰਥਣ ਸਲੋਨੀ (19) ਪੁੱਤਰੀ ਧਰਮਿੰਦਰ ਸਿੰਘ ਵਾਸੀ ਪਿੰਡ ਕਾਲਰਾ ਦੌੜ ਦੌਰਾਨ ਅਚਾਨਕ ਬੇਹੋਸ਼ ਹੋ ਕੇ ਡਿੱਗ ਪਈ ਸੀ। ਉਸ ਨੂੰ ਮੁੱਢਲੀ ਸਹਾਇਤ ਦੇਣ ਉਪਰੰਤ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਦਸੂਹਾ ਰੈਫਰ ਕਰ ਦਿੱਤਾ, ਜਿੱਥੇ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸਐੱਚਓ ਥਾਣਾ ਗੜ੍ਹਦੀਵਾਲਾ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਨੇ ਲੜਕੀ ਦੀ ਲਾਸ਼ ਬਿਨਾਂ ਪੋਸਟ ਮਾਰਟਮ ਕੀਤੇ ਉਨ੍ਹਾਂ ਨੂੰ ਸੌਂਪਣ ਦੀ ਅਪੀਲ ’ਤੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।