ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 3 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਈਡੀ ਦੇ ਵਕੀਲ ਤੇ ਬਚਾਅ ਪੱਖ ਦੇ ਵਕੀਲਾਂ ਵਿਚਕਾਰ ਬਹਿਸ ਹੋਈ। ਕਰੀਬ 5 ਘੰਟੇ ਹੋਈ ਬਹਿਸ ਦੌਰਾਨ ਈਡੀ ਦੇ ਵਕੀਲ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਜ਼ਮਾਨਤ ਨਾਲ ਜਾਂਚ ਪ੍ਰਭਾਵਿਤ ਹੋਣ ਦਾ ਹਵਾਲਾ ਦਿੱਤਾ। ਉੱਧਰ, ਬਚਾਅ ਪੱਖ ਦੇ ਵਕੀਲਾਂ ਨੇ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈਡੀ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਬਚਾਅ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਖਹਿਰਾ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਈਡੀ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ ਤੇ ਇਹ ਕਾਰਵਾਈ ਵਿਚਾਰ ਅਧੀਨ ਹੈ।