ਧੂਰੀ, 22 ਮਾਰਚ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੋਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ ਲੱਗਾ ਧਰਨਾ ਅੱਜ 173 ਵੇਂ ਦਿਨ ਵੀ ਜਾਰੀ ਰਿਹਾ। ਅੱਜ ਵੀ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ 26 ਮਾਰਚ ਨੂੰ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਹਰ ਉਪਰਾਲਾ ਕੀਤਾ ਜਾਵੇਗਾ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਸੂਬਿਆਂ ਦੀਆਂ ਮਹਾਂ ਪੰਚਾਇਤਾਂ ਵਿੱਚ ਹੋ ਰਿਹਾ ਕਿਸਾਨਾਂ ਦਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਕਿਸਾਨ ਕੇਂਦਰ ਸਰਕਾਰ ਦੇ ਹਰ ਫੈਸਲੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਹੋਣ ਵਾਲੇ ਇਕੱਠ ਨੂੰ ਇਤਿਹਾਸਕ ਬਣਾਇਆ ਜਾਵੇਗਾ ਤੇ ਇਸ ਇੱਕਠ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਵੱਲੋਂ ਆਪਣੀ ਹਾਜ਼ਰੀ ਲਗਵਾ ਕੇ ਇਹ ਪ੍ਰਣ ਲਿਆ ਜਾਵੇਗਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਓਨਾ ਚਿਰ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਂਦਰ ਸਰਕਾਰ ਦਾ ਜੰਮ ਕੇ ਵਿਰੋਧ ਕੀਤਾ ਜਾਵੇਗਾ।