ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਪਰੈਲ
ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ ਪਰ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਅੱਜ ਇਥੇ ਮੈਡੀਕਲ ਆਕਸੀਜਨ ਦੀ ਉਪਲਬਧਤਾ ਅਤੇ ਹੋਰ ਜ਼ਰੂਰਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਇੱਕ ਮੀਟਿੰਗ ਦੌਰਾਨ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਨੇ ਅਧਿਕਾਰੀਆਂ ਨੂੰ ਆਕਸੀਜਨ ਅਤੇ ਕਿਸੇ ਹੋਰ ਡਾਕਟਰੀ ਸਪਲਾਈ ਵਿੱਚ ਕੋਈ ਰੁਕਾਵਟ ਆਉਣ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਆਕਸੀਜਨ ਦੀ ਕਮੀ ਬਾਰੇ ਕੋਈ ਰਿਪੋਰਟ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇ।