ਡਾ. ਹਿਮਾਂਸ਼ੂ ਸੂਦ/ਅਜੈ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 27 ਦਸੰਬਰ
ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਯਾਦ ਵਿੱਚ ਸ਼ਹੀਦੀ ਜੋੜ ਦੇ ਤੀਜੇ ਦਿਨ ਅੱਜ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਏ ਵਿਸ਼ਾਲ ਨਗਰ ਕੀਰਤਨ ਮਗਰੋਂ ਸ਼ਹੀਦੀ ਜੋੜ ਮੇਲ ਸਮਾਪਤ ਹੋ ਗਿਆ। ਇਸ ਨਗਰ ਕੀਰਤਨ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸਣੇ ਹੋਰ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਨਗਰ ਕੀਰਤਨ ਦੀ ਅਰੰਭਤਾ ਮੌਕੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਤੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਜਪੁਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਤੇ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਨਗਰ ਕੀਰਤਨ ਵਿੱਚ ਸੇਵਾ ਸੁਸਾਇਟੀਆਂ ਤੇ ਵੱਖ-ਵੱਖ ਸਕੂਲ ਕਾਲਜਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ 5 ਪਿਆਰਿਆਂ ਦਾ ਸਨਮਾਨ ਕੀਤਾ। ਵੱਖ-ਵੱਖ ਗੱਤਕਾ ਪਾਰਟੀਆਂ ਨੇ ੇ ਜੌਹਰ ਦਿਖਾਏ। ਸਮਾਪਤੀ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਤੇ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ।
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸਿੱਖ ਪਰੰਪਰਾਵਾਂ ਉਪਰ ਹਮਲਿਆਂ ਨੂੂੰ ਰੋਕਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਗੁਰੂ ਨਾਨਕ ਦੇਵ ਵੱਲੋਂ ਬਖ਼ਸ਼ੇ ਸ਼ਬਦ ਗੁਰਬਾਣੀ ਦੇ ਸਿਧਾਂਤ ਨਾਲ ਜੁੜੇ।
ਇਸ ਮੌਕੇ ਅੰਤ੍ਰਿਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਮਸਰਵਨ ਸਿੰਘ ਕੁਲਾਰ, ਗਿਆਨੀ ਜਸਵਿੰਦਰ ਸਿੰਘ, ਕਮੇਟੀ ਮੈਬਰ ਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਰਿਆ, ਸਤਵਿੰਦਰ ਸਿੰਘ ਟੌਹੜਾ, ਕੁਲਦੀਪ ਕੌਰ ਟੌਹੜਾ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾ ਸਿੰਘਾ, ਹਰਜੀਤ ਸਿੰਘ ਲਾਲੂਘੁੰਮਣ, ਬਲਵਿੰਦਰ ਸਿੰਘ ਕਾਹਲਵਾਂ, ਗੁਰਚਰਨ ਸਿੰਘ ਕੋਹਾਲਾ ਹਾਜ਼ਰ ਸਨ।
ਗੁਰਦੁਆਰਾ ਮੰਜੀ ਸਾਹਿਬ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਰਖਵਾਏ ਗਏ ਅਖੰਡ ਪਾਠ ਦੇ ਅੱਜ ਭੋਗ ਪਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼ਹਾਦਤ ਸਬੰਧੀ ਕਥਾ ਵਿਚਾਰ ਭਾਈ ਰਾਜਦੀਪ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਸਦਕਾ ਅੱਜ ਕੌਮ ਦੀ ਨੀਂਹ ਮਜ਼ਬੂਤ ਹੈ। ਇਨ੍ਹਾਂ ਸ਼ਹਾਦਤਾਂ ਤੋਂ ਸੰਗਤਾਂ ਨੂੰ ਪ੍ਰੇਰਣਾ ਲੈ ਕੇ ਗੁਰੂ ਸਿੱਖੀ ਜੀਵਨ ਵਿਚ ਪਰਪੱਕ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਸਦਕਾ ਹੀ ਅੱਜ ਕੌਮ ਦੀ ਨੀਂਹ ਮਜ਼ਬੂਤ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀਆਂ ਜਿੰਦਾਂ ਵੱਡਾ ਸਾਕਾ ਨੂੰ ਸਾਕਾਰ ਕਰਕੇ ਕੌਮ ਨੂੰ ਨਵੀਂ ਰੋਸ਼ਨੀ ਦਿਖਾਈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਸਮ ਪਾਤਸ਼ਾਹ ਅਤੇ ਸਾਹਿਬਜ਼ਾਦਿਆਂ ਦੀਆਂ ਸ਼ਾਹਦਤਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨ। ਇਸ ਮੋਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਅਤੇ ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।