ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ
ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿੱਚ ਸ਼ਹੀਦ ਹੋਣ ਵਾਲੇ ਕਈ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਛੇਤੀ ਹੀ ਨਿਰਮਾਣ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਵੱਲੋਂ 6.40 ਕਰੋੜ ਦੀ ਲਾਗਤ ਨਾਲ ਬਣੀ ਇਸ ਯਾਦਗਾਰ ’ਤੇ ਸਥਾਪਿਤ ਸ਼ਹੀਦ ਊਧਮ ਸਿੰਘ ਦੇ ਕਾਂਸੀ ਦੇ ਆਦਮ ਕੱਦ ਬੁੱਤ ਤੋਂ ਪਰਦਾ ਹਟਾਇਆ। ਉਨ੍ਹਾਂ ਕਿਹਾ ਕਿ ਅਜਾਇਬਘਰ ਵਿੱਚ ਸ਼ਹੀਦ ਊਧਮ ਸਿੰਘ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਥਾਈ ਪਈਆਂ ਵਸਤਾਂ ਲਿਆ ਕੇ ਰੱਖੀਆਂ ਜਾਣਗੀਆਂ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਰਤਾਨੀਆ ਵਿਚ ਪਈ ਸ਼ਹੀਦ ਊਧਮ ਸਿੰਘ ਦੀ ਡਾਇਰੀ ਅਤੇ ਮਾਈਕਲ ਓਡਵਾਈਰ ਨੂੰ ਮਾਰਨ ਲਈ ਵਰਤੀ ਗਈ ਪਿਸਤੌਲ ਤੇ ਹੋਰ ਸਾਮਾਨ ਮੰਗਵਾਉਣ ਲਈ ਭਾਰਤ ਸਰਕਾਰ ਕੋਲ ਮੁੱਦਾ ਉਠਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸੂਬਾਈ ਮੰਤਰੀ ਮੰਡਲ ਵਿਚ ਤੁਰੰਤ ਕਿਸੇ ਵੀ ਤਰ੍ਹਾਂ ਦੇ ਫੇਰਬਦਲ ਤੋਂ ਵੀ ਇਨਕਾਰ ਕੀਤਾ।