ਭਗਵਾਨ ਦਾਸ ਸੰਦਲ
ਦਸੂਹਾ, 18 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਿਆਂ ਉੱਤੇ ਬੈਠੇ ਕਿਸਾਨਾਂ ਖ਼ਿਲਾਫ਼ ਟਵਿੱਟਰ ਖਾਤੇ ’ਤੇ ਗ਼ਲਤ ਟਿੱਪਣੀ ਕਰਨ ਵਾਲੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਰਾਮ ਮਾਧਵ ਖ਼ਿਲਾਫ਼ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਮਵੀਰ ਸਿੰਘ ਘੁੰਮਣ ਨੇ ਦਸੂਹਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਸੀਨੀਅਰ ਆਗੂ ਰਾਮ ਮਾਧਵ ਵੱਲੋਂ ਆਪਣੇ ਟਵਿੱਟਰ ਅਕਾਊਂਟ ਉੱਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਧਰਨਿਆਂ ’ਤੇ ਬੈਠੇ ਕਿਸਾਨਾਂ, ਮਜ਼ਦੂਰਾਂ ਨੂੰ ਅਤਿਵਾਦੀ ਅਤੇ ਵੱਖਵਾਦੀ ਕਹਿ ਕੇ ਬਦਨਾਮ ਕਰਨਾ ਬਰਦਾਸ਼ਤ ਤੋਂ ਬਾਹਰ ਹੈ, ਜਿਸ ਲਈ ਰਾਮ ਮਾਧਵ ਨੂੰ ਕਿਸਾਨਾਂ ਕੋਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਨੋਟਿਸ ਭੇਜਿਆ ਗਿਆ ਸੀ ਪਰ ਰਾਮ ਮਾਧਵ ਨੇ ਨੋਟਿਸ ਪ੍ਰਤੀ ਗੰਭੀਰਤਾ ਨਾ ਪ੍ਰਗਟਾਉਂਦਿਆਂ ਕੋਈ ਜਵਾਬ ਨਹੀਂ ਦਿੱਤਾ। ਇਸ ਮਗਰੋਂ ਰਾਮ ਮਾਧਵ ਖ਼ਿਲਾਫ਼ ਆਈਪੀਸੀ ਧਾਰਾ 499/500 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਮੁਨੀਸ਼ ਕੁਮਾਰ ਪੁਰੀ, ਸੀਨੀਅਰ ਐਡਵੋਕੇਟ ਪੁਨੀਤ ਬੱਸੀ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਮਨਜੋਤ ਸੈਣੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਸ ਦੀ ਅਗਲੀ ਸੁਣਵਾਈ ’ਤੇ ਅਦਾਲਤ ਵੱਲੋਂ ਬਿਆਨ ਕਲਮਬੱਧ ਕੀਤੇ ਜਾਣਗੇ। ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਆਗੂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ, ਜਿਸ ਕਾਰਨ ਅੰਨਦਾਤੇ ਦੇ ਮਨਾਂ ਨੂੰ ਠੇਸ ਪਹੁੰਚ ਰਹੀ ਹੈ।