ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ ਚੱਲੋ ਅੰਦੋਲਨ ਦੁਨੀਆਂ ਵਿੱਚ ਨਵਾਂ ਇਤਿਹਾਸ ਰਚੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਹੁਣ ਅਜਿਹੇ ਕਾਨੂੰਨ ਬਣਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਸਭ ਕੁਝ ਕਾਰਪੋਰੇਟ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ਨੂੰ ਵੀ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ਤਿੰਨ ਕਾਲੇ ਕਾਨੂੰਨ ਧੱਕੇਸ਼ਾਹੀ ਨਾਲ ਸੰਸਦ ਵਿੱਚੋਂ ਪਾਸ ਕਰਵਾ ਲਏ ਗਏ ਹਨ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਤੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਕਿਸਾਨ ਲੱਖਾਂ ਦੀ ਗਿਣਤੀ ਵਿੱਚ ਦਿੱਲੀ ਵੱਲ ਕੂਚ ਕਰਨਗੇ। ਅਗਲੇ ਪ੍ਰੋਗਰਾਮ ਵਿੱਚ ਪੰਜਾਬ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਕਿਹਾ ਜਾਵੇਗਾ ਕਿ ਉਹ ਵੀ ਵੱਡੇ ਜਥੇ ਲੈ ਕੇ ਦਿੱਲੀ ਵੱਲ ਕੂਚ ਕਰਨ। ਮੋਦੀ ਸਰਕਾਰ ਲੋਕਾਂ ਦੇ ਇਸ ਹੜ੍ਹ ਨੂੰ ਰੋਕ ਨਹੀਂ ਸਕੇਗੀ।