ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 30 ਜੁਲਾਈ
ਦਿੱਲੀ ਸ਼ਰਾਬ ਘਪਲੇ ਵਿੱਚ ‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਵਜ਼ਾਰਤ ਦੇ ਕਈ ਕੈਬਨਿਟ ਮੰਤਰੀਆਂ, ਵਿਧਾਇਕਾਂ, ਹੋਰਨਾਂ ਆਗੂਆਂ ਅਤੇ ਸਮਰਥਕਾਂ ਨੇ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ’ਤੇ ਬਦਲਾਖ਼ੋਰੀ
ਦਾ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ। ਇਹ ਧਰਨਾ ਪ੍ਰਦਰਸ਼ਨ ਬਿਲਕੁਲ ਸ਼ਾਂਤਮਈ ਸੀ। ਬੁਲਾਰਿਆਂ ਨੇ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਬੁੱਧਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਾਬਕਾ ਮੰਤਰੀ ਇੰਦਰਬੀਰ ਸਿੰਘ ਨਿੱਝਰ, ਵਿਜੈ ਸਿੰਗਲਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਣੇ ਕਰੀਬ 26 ਵਿਧਾਇਕਾਂ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਾਧਾਰਨ ਵਾਲੰਟੀਅਰਾਂ ਦੀ ਘਾਟ ਰੜਕਦੀ ਰਹੀ। ਮੰਚ ਉੱਪਰ ਅਤੇ ਪੰਡਾਲ ਵਿੱਚ ਜ਼ਿਆਦਾਤਰ ਆਗੂ ਹੀ ਬੈਠੇ ਨਜ਼ਰ ਆਏ। ਮੰਤਰੀ ਜਿੰਪਾ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਬਾਅਦ ਭਾਜਪਾ ਆਗੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਗੱਲ ਜਾਣ ਚੁੱਕੇ ਸਨ ਕਿ ‘ਆਪ’ ਹੀ ਭਾਜਪਾ ਨੂੰ ਸਖ਼ਤ ਟੱਕਰ ਦੇ ਸਕਦੀ ਹੈ। ਇਸ ਲਈ ਕੇਂਦਰ ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਤਹਿਤ ਸ੍ਰੀ ਕੇਜਰੀਵਾਲ ਖ਼ਿਲਾਫ਼ ਸਾਜ਼ਿਸ਼ ਰਚ ਕੇ ਉਨ੍ਹਾਂ ਨੂੰ ਝੂਠੇ ਮਾਮਲੇ ’ਚ ਫਸਾਇਆ ਹੈ।
‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਬੁੱਧਰਾਮ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੇ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਕੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦਾ ਘਾਣ ਕੀਤਾ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਜਿੰਨਾ ਮਰਜ਼ੀ ਜਬਰ-ਜ਼ੁਲਮ ਢਾਹ ਲਵੇ, ਉਹ ਹਾਰ ਮੰਨਣ ਵਾਲੇ ਨਹੀਂ ਹਨ।
ਇਸ ਮੌਕੇ ਫੌਜਾ ਸਿੰਘ ਸਰਾਰੀ, ਗੁਰਪ੍ਰੀਤ ਸਿੰਘ ਬਣਾਵਾਲੀ, ਲਖਬੀਰ ਸਿੰਘ ਰਾਏ, ਡਾ. ਚਰਨਜੀਤ ਸਿੰਘ ਚੰਨੀ, ਰਜਨੀਸ਼ ਦਈਆ, ਡਾ. ਅਮਨਦੀਪ ਕੌਰ ਅਰੋੜਾ, ਜਗਦੀਪ ਸਿੰਘ ਬਰਾੜ, ਮੁਹੰਮਦ ਜਮੀਲ ਉਰ ਰਹਿਮਾਨ, ਸਰਬਜੀਤ ਕੌਰ ਮਾਣੂੰਕੇ, ਅਸ਼ੋਕ ਪੱਪੀ ਪਰਾਸ਼ਰ, ਨਰਿੰਦਰ ਕੌਰ ਭਾਰਜ, ਬਲਕਾਰ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਪੰਡੋਰੀ ਅਤੇ ਦਿਨੇਸ਼ ਚੱਢਾ (ਸਾਰੇ ਵਿਧਾਇਕ), ਐਡਵੋਕੇਟ ਅਮਰਦੀਪ ਕੌਰ ਅਤੇ ਹੋਰ ਆਗੂ ਹਾਜ਼ਰ ਸਨ।