ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਫਰਵਰੀ
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਸਿਆਸੀ ਆਗੂਆਂ ਨੇ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ’ਤੇ ਕੀਤੇ ਜਾ ਰਹੇ ਜਬਰ ਖ਼ਿਲਾਫ਼ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਮੌਕੇ ਐਡਵੋਕੇਟ ਆਰ ਐੱਸ ਬੈਂਸ, ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਪਿਰਮਲ ਸਿੰਘ ਖਾਲਸਾ, ਰਸ਼ਪਾਲ ਸਿੰਘ ਜੋੜੇਮਾਜਰਾ, ਮਨਵਿੰਦਰ ਗਿਆਸਪੁਰ, ਜੋਗਾ ਸਿੰਘ ਚੱਪੜ ਅਤੇ ਵਿਦਿਆਰਥੀ ਆਗੂ ਕਨੂੰ ਪ੍ਰਿਆ ਹਾਜ਼ਰ ਸਨ। ਉਨ੍ਹਾਂ ਕੌਮੀ ਰਾਜਧਾਨੀ ਵਿਚ ਸ਼ਾਂਤਮਈ ਸੰਘਰਸ਼ ਦੌਰਾਨ ਹੋਈਆਂ ਹਿੰਸਕ ਘਟਨਾਵਾਂ ਦੀ ਸੁਪਰੀਮ ਕੋਰਟ ਦੇ ਜੱਜਾਂ ਦੀ ਨਿਗਰਾਨੀ ਹੇਠ ਜੁਡੀਸ਼ਲ ਜਾਂਚ ਕਰਵਾਉਣ ਦੀ ਮੰਗ ਕੀਤੀ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸ਼ਾਂਤਮਈ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਸਾਜਿਸ਼ ਰਚੀ ਸੀ। ਇਸ ਦੌਰਾਨ ਕਿਸਾਨ ਆਗੂ ਨਵਰੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ। ਕਿਸਾਨ ਆਗੂਆਂ ’ਤੇ ਝੂਠੇ ਕੇਸ ਦਰਜ ਕਰਕੇ 200 ਤੋਂ ਵੱਧ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਜਦਕਿ 19 ਨੌਜਵਾਨ ਹਾਲੇ ਤੱਕ ਲਾਪਤਾ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ 26 ਜਨਵਰੀ ਗਣਤੰਤਰ ਦਿਵਸ ਦੀ ਘਟਨਾ ਤੋਂ ਬਾਅਦ ਕਿਸਾਨਾਂ ਖ਼ਿਲਾਫ਼ ਲੋਕ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਬੇਕਸੂਰ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।
ਉਨ੍ਹਾਂ ਦਿੱਲੀ ਪੁਲੀਸ ’ਤੇ ਦੋਸ਼ ਲਗਾਇਆ ਕਿ ਦਿੱਲੀ ਪੁਲੀਸ ਨੇ ਯੋਜਨਾਬੱਧ ਢੰਗ ਨਾਲ ਨੌਜਵਾਨਾਂ ਨੂੰ ਲਾਲ ਕਿਲੇ ਵੱਲ ਜਾਣ ਦਿੱਤਾ ਸੀ। ਆਗੂਆਂ ਨੇ ਮੰਗ ਕੀਤੀ ਕਿ ਨੌਜਵਾਨਾਂ ਅਤੇ ਕਿਸਾਨ ਆਗੂਆਂ ਖ਼ਿਲਾਫ਼ ਦਰਜ ਝੂਠੇ ਕੇਸ ਰੱਦ ਕੀਤੇ ਜਾਣ।