ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਾਰਚ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਸਰਵੇਖਣਾਂ ’ਤੇ ਪਾਬੰਦੀ ਲਾਉਣ ਦੀ ਮੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਬੁਖਲਾਹਟ ਦੀ ਨਿਸ਼ਾਨੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੇ ਚੋਣ ਸਰਵੇਖਣਾਂ ਰਾਹੀਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਕਾਰਨ ਸੁਖਬੀਰ ਆਪਣੀ ਜ਼ੁਬਾਨ ’ਤੇ ਕੁੱਝ ਘੰਟੇ ਵੀ ਕਾਬੂ ਨਹੀਂ ਰੱਖ ਸਕੇ ਅਤੇ ਬੁਖਲਾਹਟ ਕਾਰਨ ਉਨ੍ਹਾਂ ਮੀਡੀਆ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
ਸ੍ਰੀ ਚੀਮਾ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ 10 ਸਾਲ ਪੰਜਾਬ ਦੀ ਸੱਤਾ ’ਚ ਰਹਿੰਦਿਆ ਵੱਖ-ਵੱਖ ਤਰ੍ਹਾਂ ਦੇ ਸਰਵੇਖਣਾਂ ’ਚ ਰੱਜ ਕੇ ਸਰਕਾਰੀ ਪੈਸੇ ਦੀ ਕਥਿਤ ਦੁਰਵਰਤੋਂ ਕੀਤੀ ਸੀ ਅਤੇ ਸਥਾਨਕ ਚੋਣਾਂ ’ਚ ਸਰਕਾਰੀ ਪੈਸੇ ਨਾਲ ਲੋਕਤੰਤਰ ਦਾ ਘਾਣ ਕੀਤਾ ਸੀ। ਉਨ੍ਹਾਂ ਦੇ ਜ਼ੁਲਮਾਂ ਦੀਆਂ ਕਹਾਣੀਆਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹੀਆਂ ਹਨ, ਜਿਸ ਕਾਰਨ ਹੁਣ ਸੁਖਬੀਰ ਮੀਡੀਆ ਅਤੇ ਮੀਡੀਆ ਵੱਲੋਂ ਕੀਤੇ ਗਏ ਚੋਣ ਸਰਵੇਖਣਾਂ ਖ਼ਿਲਾਫ਼ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਕਾਂਗਰਸ, ਭਾਜਪਾ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਸੱਤਾ ਤਬਦੀਲੀ ਦੇ ਖ਼ਿਲਾਫ਼ ਹਨ। ਚੀਮਾ ਨੇ ਦਾਅਵਾ ਕੀਤਾ ਕਿ ਚੋਣ ਸਰਵੇਖਣ ਲੋਕਾਂ ਦੇ ਵਿਚਾਰਾਂ ਦੀ ਤਰਜਮਾਨੀ ਕਰਦੇ ਹਨ।