ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪੁਲੀਸ ਦੇ ਐੱਸਐੱਸਪੀ ਕੋਲ ਇੱਕ ਸ਼ਿਕਾਇਤ ਦਰਜ ਕਰਵਾਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਐੱਨਕੇ ਸ਼ਰਮਾ ਤੇ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਕਿ ਜਿਹੜੇ ‘ਆਪ’ ਵਿਧਾਇਕਾਂ ਨੇ ਭਾਜਪਾ ’ਤੇ 25 ਕਰੋੜ ਰੁਪਏ ਪ੍ਰਤੀ ਵਿਧਾਇਕ ਦੀ ਪੇਸ਼ਕਸ਼ ਕਰ ਕੇ ਖਰੀਦੋ-ਫਰੋਖ਼ਤ ਕਰਨ ਦੇ ਦੋਸ਼ ਲਗਾਏ ਹਨ, ਉਨ੍ਹਾਂ ਦੇ ਮੋਬਾਈਲ ਫੋਨ ਜ਼ਬਤ ਕੀਤੇ ਜਾਣ। ਇਨ੍ਹਾਂ ਮੋਬਾਈਲਾਂ ਦੀ ਫਾਰੈਂਸਿਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਭਾਜਪਾ ’ਤੇ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਕਰਨ ਦੇ ਯਤਨਾਂ ਦੇ ਲਾਏ ਦੋਸ਼ ਗੰਭੀਰ ਹਨ। ਉਨ੍ਹਾਂ ਕਿਹਾ ਕਿ ਜੇ ਦੋਸ਼ ਸਹੀ ਹਨ ਤਾਂ ਫਿਰ ਭਾਜਪਾ ਆਗੂਆਂ ਤੇ ਹੋਰ ਦਲਾਲਾਂ ਖ਼ਿਲਾਫ਼ ਕੇਸ ਦਰਜ ਹੋਣੇ ਚਾਹੀਦੇ ਹਨ, ਨਹੀਂ ਤਾਂ ਦੋਸ਼ ਲਾਉਣ ਵਾਲੇ ਵਿਧਾਇਕਾਂ ਸਣੇ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਸਬੰਧੀ ਪ੍ਰੈੱਸ ਕਾਨਫਰੰਸਾਂ ਸ਼ਹਿਰ ਵਿੱਚ ਹੋਈਆਂ ਸਨ ਤਾਂ ਇਸ ਲਈ ਚੰਡੀਗੜ੍ਹ ਪੁਲੀਸ ਨੂੰ ਮਾਮਲੇ ਦੀ ਜਾਂਚ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਅੰਗੁਰਾਲ ਨੇ ਤਾਂ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ’ਤੇ ਹਮਲਾ ਹੋਇਆ ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦੋਸ਼ ਆਪਣੇ ਆਪ ਵਿਚ ਸ਼ੱਕੀ ਜਾਪਦੇ ਹਨ, ਕਿਉਂਕਿ ਭਾਜਪਾ 10 ਜਾਂ ਵੱਧ ਵਿਧਾਇਕਾਂ ਦੀ ਖਰੀਦ ਫਰੋਖ਼ਤ ਨਾਲ ਆਪਣੇ ਕਿਸੇ ਵੀ ਵਿਧਾਇਕ ਨੂੰ ਮੁੱਖ ਮੰਤਰੀ ਨਹੀਂ ਬਣਾ ਸਕਦੀ। ਸ੍ਰੀ ਸ਼ਰਮਾ ਨੇ ਕਿਹਾ ਕਿ ‘ਆਪ’ ਨੇ ਅਜਿਹਾ ਹੀ ਡਰਾਮਾ ਦਿੱਲੀ ਵਿਚ ਵੀ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਇਸ ਮੁੱਦੇ ਦਾ ਵਿਵਾਦ ਖੜ੍ਹਾ ਕਰਨ ਦੀ ਸਾਜ਼ਿਸ਼ ਹੋ ਸਕਦੀ ਹੈ।