ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 6 ਜੁਲਾਈ
ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ ਵਿਚ ਡਿਫੈਂਸ ਇੰਡਸਟਰੀਜ਼ ਕਾਰੀਡੋਰ ਸਥਾਪਤ ਕਰਨ ਦੀ ਮੰਗ ਕੀਤੀ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਸਾਹਨੇਵਾਲ, ਖੰਨਾ, ਮੰਡੀ ਗੋਬਿੰਦਗੜ੍ਹ ਤੇ ਫ਼ਤਹਿਗੜ੍ਹ ਸਾਹਿਬ ਇਲਾਕੇ ਇਸ ਤਰ੍ਹਾਂ ਦੀ ਇੰਡਸਟਰੀਜ਼ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਵੱਡੇ ਰੱਖਿਆ ਉਪਕਰਨ ਤਿਆਰ ਕਰਨ ਦੀਆਂ ਅਪਾਰ ਸੰਭਾਵਨਾਵਾਂ ਤਲਾਸ਼ੀਆਂ ਜਾ ਸਕਦੀਆਂ ਹਨ ਕਿਉਂਕਿ ਮੰਡੀ ਗੋਬਿੰਦਗੜ੍ਹ ਉੱਤਰੀ ਭਾਰਤ ਦੀ ਲੋਹਾ ਸਨਅਤ ਦਾ ਹੱਬ ਹੈ। ਖੰਨਾ ਨੂੰ ਕੈਟਲ ਫੀਡ ਇੰਡਸਟਰੀ ਲਈ ਪੂਰੇ ਸੂਬੇ ਵਿਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਖੇਤਰ ਵਿਚ ਅਜਿਹਾ ਕਾਰੀਡੋਰ ਸਥਾਪਤ ਹੁੰਦਾ ਹੈ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਰਾਜਨਾਥ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਇਸ ਪ੍ਰਸਤਾਵ ਨੂੰ ਆਪਣੇ ਮੰਤਰਾਲੇ ਵਿਚ ਵਿਚਾਰ ਕੇ ਕੇਂਦਰ ਸਰਕਾਰ ਦੇ ਸਾਹਮਣੇ ਰੱਖਣਗੇ।