ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਅਪਰੈਲ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਗੁਰੂ ਤੇਗ਼ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਐੱਨਓ ਦੀ ਤਰਜ਼ ’ਤੇ ਵਿਸ਼ਵ ਪੱਧਰ ਦਾ ਵਿਸ਼ਵ ਸ਼ਾਂਤੀ ਕੇਂਦਰ ਸਥਾਪਿਤ ਕੀਤਾ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਤਾਬਦੀ ਸਬੰਧੀ ਕੀਤੀ ਮੀਟਿੰਗ ਦੌਰਾਨ ਇਹ ਮੰਗ ਰੱਖੀ ਸੀ।
ਅੱਜ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ 29, 30 ਅਪਰੈਲ ਅਤੇ ਪਹਿਲੀ ਮਈ ਨੂੰ ਮਨਾਏ ਜਾਣਗੇ। ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਦੀ ਮੁਖੀ ਹੋਣ ਨਾਤੇ ਉਨ੍ਹਾਂ ਨੇ ਸਰਕਾਰ ਨੂੰ ਕੁਝ ਸੁਝਾਅ ਦਿੱਤੇ ਹਨ, ਜਿਸ ਵਿੱਚ ਯੂਐੱਨਓ ਦੀ ਤਰਜ਼ ’ਤੇ ਵਿਸ਼ਵ ਪੱਧਰ ਦਾ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ, ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ’ਤੇ ਯਾਦਗਾਰਾਂ ਸਥਾਪਤ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਸਮਰਪਿਤ ਕੋਈ ਢੁੱਕਵੀਂ ਯਾਦਗਾਰ ਉਸਾਰੀ ਜਾਵੇ, ਜੋ ਦੁਨੀਆਂ ’ਚ ਮਿਸਾਲ ਬਣੇ। ਉਨ੍ਹਾਂ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਪਾਠ ਨੂੰ ਸਕੂਲ ਬੋਰਡਾਂ, ਖਾਸ ਤੌਰ ’ਤੇ ਐੱਨ.ਸੀ.ਈ.ਆਰ.ਟੀ. ਦੀਆਂ ਪੁਸਤਕਾਂ ਵਿੱਚ ਸ਼ਾਮਲ ਕਰਨ, ਗੁਰੂ ਸਾਹਿਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਸਿਲੇਬਸ ਵਿੱਚ ਮੱਤਭੇਦਾਂ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਦੇ ਇੱਕ ਨੁਮਾਇੰਦੇ ਨੂੰ ਇਨ੍ਹਾਂ ਦੀ ਘੋਖ ਕਰਨ ਵਾਲੀ ਕਮੇਟੀ ਵਿੱਚ ਸ਼ਾਮਲ ਕਰਨ, ਗੁਰੂ ਸਾਹਿਬ ਦੀ ਬਾਣੀ ਦਾ ਅਨੁਵਾਦ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਦਿਨ ਨੂੰ ਮਨੁੱਖੀ ਹੱਕਾਂ ਦਾ ਦਿਨ ਐਲਾਨਿਆ ਜਾਵੇ ਅਤੇ ਇਸ ਬਾਰੇ ਯੂ.ਐੱਨ.ਓ. ਨੂੰ ਵਿਸ਼ਵ ਪੱਧਰ ’ਤੇ ਮਾਨਤਾ ਲਈ ਲਿਖਿਆ ਜਾਵੇ। ਲੋਕਾਂ ਤੇ ਲੋਕ ਨੁਮਾਇੰਦਿਆਂ ਤਕ ਗੱਲ ਪਹੁੰਚਾਉਣ ਲਈ ਯੂ.ਐੱਨ.ਓ. ਵਿੱਚ ਸਿੱਖ ਨੁਮਾਇੰਦਾ ਸ਼ਾਮਲ ਕਰਵਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਵੀ ਕੀਤੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ, ਡਾਕ ਟਿਕਟ ਅਤੇ ਡਾਕ ਲਿਫਾਫਾ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਲੋੜੀਂਦਾ ਡਿਜ਼ਾਇਨ ਵੀ ਭੇਜਿਆ।
ਅੱਜ ਬੀਬੀ ਜਗੀਰ ਕੌਰ ਨੇ ਸਿੱਖ ਸੰਸਥਾ ਅਧੀਨ ਚੱਲ ਰਹੇ ਕਾਲਜਾਂ ਵਿੱਚੋਂ ਸੇਵਾਮੁਕਤ ਹੋ ਚੁੱਕੇ 15 ਕਰਮਚਾਰੀਆਂ ਨੂੰ ਲਗਪਗ 94 ਲੱਖ ਰੁਪਏ ਦੇ ਚੈੱਕ ਦਿੱਤੇ। ਉਨ੍ਹਾਂ ਨੇ ਇੰਗਲੈਂਡ ’ਚ ਅੰਮ੍ਰਿਤਧਾਰੀ ਵਕੀਲ ਜਸਕੀਰਤ ਸਿੰਘ ਨੂੰ ਅਦਾਲਤ ਵਿੱਚ ਜਾਣ ਸਮੇਂ ਕਿਰਪਾਨ ਉਤਾਰਨ ਲਈ ਮਜਬੂਰ ਕਰਨ ਦੀ ਨਿਖੇਧੀ ਕੀਤੀ।