ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 13 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ’ਤੇ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਗਾਏ ਜਾਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਤ ਸਿੰਘ, ਸ਼ਿਵਰਾਮ ਹਰੀ ਰਾਜਗੁਰੂ ਅਤੇ ਸੁਖਦੇਵ ਥਾਪਰ ਹਰ ਪੱਖੋਂ ਇੱਕ ਨਵੇਂ ਭਾਰਤ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਦੀ ਸਰਵਉੱਚ ਸ਼ਹਾਦਤ ਕਰੋੜਾਂ ਭਾਰਤੀਆਂ ਨੂੰ ਅੱਜ ਵੀ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਇੰਡੀਆ ਗੇਟ ਵਿੱਚ ਇਨ੍ਹਾਂ ਦੇ ਬੁੱਤ ਲਗਾਉਂਦਾ ਹੈ ਤਾਂ ਇਹ ਉਨ੍ਹਾਂ ਦੀ ਸ਼ਹਾਦਤ ਦਾ ਸਨਮਾਨ ਹੋਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਤਿੰਨੋਂ ਸ਼ਹੀਦ ਧਰਤੀ ਮਾਂ ਦੇ ਸੱਚੇ ਸਪੂਤ ਸਨ, ਜਿਨ੍ਹਾਂ ਨੇ ਲਾਲ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਲਈ ਕ੍ਰਾਂਤੀਕਾਰੀ ਗਤੀਵਿਧੀਆਂ ਵਿੱਢੀਆਂ ਸਨ। ਸ੍ਰੀ ਬਾਦਲ ਨੇ ਕਿਹਾ ਕਿ ਦੇਸ਼ ਹਮੇਸ਼ਾ ਇਨ੍ਹਾਂ ਮਹਾਨ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕ੍ਰਾਂਤੀਕਾਰੀ ਕਦਮਾਂ ਨੇ ਅਜਿਹੀ ਚਿਣਕ ਜਗਾਈ, ਜਿਸ ਕਾਰਨ ਥੋੜ੍ਹੇ ਹੀ ਸਮੇਂ ਵਿਚ ਇਹ ਲਹਿਰ ਦੇਸ਼ ਵਿਚ ਜੰਗਲ ਦੀ ਅੱਗ ਵਾਂਗੂ ਫੈਲ ਗਈ। ਉਨ੍ਹਾਂ ਕਿਹਾ ਕਿ ਅਸੀਂ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਹਮੇਸ਼ਾ ਰਿਣੀ ਰਹਾਂਗੇ, ਜਿਨ੍ਹਾਂ ਬਦੌਲਤ ਇਹ ਆਜ਼ਾਦੀ ਮਿਲੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸ਼ਹਾਦਤ ਬਦਲੇ ਹਰ ਥਾਂ ਉਨ੍ਹਾਂ ਦਾ ਮਾਣ ਕਰੀਏ।