ਪੱਤਰ ਪ੍ਰੇਰਕ
ਚੰਡੀਗੜ੍ਹ, 17 ਅਪਰੈਲ
ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਨੇ ਸੂਬਾ ਸਰਕਾਰ ਕੋਲੋਂ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਚੌਥਾ ਦਰਜਾ ਮੁਲਾਜ਼ਮਾਂ ਨੂੰ ਵਿਆਜ ਰਹਿਤ ਕਰਜ਼ਾ ਦੇਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਆਗੂਆਂ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਉੱਘੀ, ਵਿੱਤ ਸਕੱਤਰ ਚੰਦਨ ਸਿੰਘ ਅਤੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਕ੍ਰਿਸ਼ਨ ਪ੍ਰਸਾਦ ਨੇ ਆਖਿਆ ਕਿ ਸਰਕਾਰ ਵੱਲੋਂ ਚੌਥਾ ਦਰਜਾ (ਗਰੁੱਪ-ਡੀ) ਮੁਲਾਜ਼ਮਾਂ ਨੂੰ ਕਣਕ ਖ਼ਰੀਦਣ ਵਾਸਤੇ ਹਰ ਸਾਲ ਸੂਦ ਰਹਿਤ ਕਰਜ਼ਾ ਦਿੱਤਾ ਜਾਂਦਾ ਹੈ, ਜੋ ਆਸਾਨ ਕਿਸ਼ਤਾਂ ਵਿੱਚ ਵਾਪਸ ਲਿਆ ਜਾਂਦਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਐਤਕੀ ਵੀ ਚੌਥਾ ਦਰਜਾ ਮੁਲਾਜ਼ਮਾਂ ਨੂੰ ਕਣਕ ਖ਼ਰੀਦਣ ਲਈ 20 ਹਜ਼ਾਰ ਰੁਪਏ ਕਰਜ਼ਾ ਵਿਆਜ ਰਹਿਤ ਦੇਵੇਗੀ। ਉਨ੍ਹਾਂ ਆਖਿਆ ਕਿ ਇਹ ਲਾਭ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਦਿੱਤਾ ਜਾਵੇ।