ਪੱਤਰ ਪ੍ਰੇਰਕ
ਅੰਮ੍ਰਿਤਸਰ, 28 ਅਗਸਤ
ਸਿੱਖ ਯੂਥ ਫੈਡਰੇਸ਼ਨ (ਭਿੰਡਰਾਂਵਾਲੇ) ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਭਾਈ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੰਥਕ ਜਥੇਬੰਦੀਆਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇਕ ਪੱਤਰ ਸੌਂਪ ਕੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਵਿਦੇਸ਼ ਵਿੱਚ ਪ੍ਰਿੰਟਿੰਗ ਪ੍ਰੈੱਸਾਂ ਲਾਉਣ ਦੇ ਫੈ਼ਸਲੇ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਇਸ ਮੌਕੇ ਅਕਾਲ ਤਖ਼ਤ ਵੱਲੋਂ ਕੌਮੀ ਸ਼ਹੀਦ ਐਲਾਨੇ ਗਏ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦੀ ਮੰਗ ਵੀ ਰੱਖੀ। ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ਾਂ ’ਚ ਸੰਗਤ ਵੱਲੋਂ ਪਾਵਨ ਸਰੂਪਾਂ ਨੂੰ ਘਰ ਵਿੱਚ ਸੁਸ਼ੋਭਿਤ ਕਰਨ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਬਾਹਰਲੇ ਦੇਸ਼ਾਂ ਵਿੱਚ ਛਪਾਈ ਕਰਾਉਣ ਸਬੰਧੀ ਲਏ ਗਏ ਫ਼ੈਸਲੇ ’ਤੇ ਮੁੜ ਵਿਚਾਰ ਕਰੇ।