ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 29 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੇਲਵੇ ਸਟੇਸ਼ਨ ਬਰਨਾਲਾ ’ਤੇ ਲਾਇਆ ਜਾਣ ਵਾਲਾ ਧਰਨਾ ਅੱਜ ਥਾਣਾ ਧਨੌਲਾ ਅੱਗੇ ਲਾਇਆ ਗਿਆ। ਬੁਲਾਰਿਆਂ ਨੇ ਕਿਹਾ ਕਿ ਧਨੌਲਾ ਪੁਲੀਸ ਨੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੇ ਦਬਾਅ ਹੇਠ ਕਿਸਾਨਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਹਨ। ਚਾਰ ਮਹੀਨੇ ਪਹਿਲਾਂ ਹਰਜੀਤ ਗਰੇਵਾਲ ਨੇ ਅੰਦੋਲਨਕਾਰੀ ਬੀਬੀਆਂ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤੀ ਸੀ। ਪਰ ਪੁਲੀਸ ਨੇ ਚਾਰ ਮਹੀਨੇ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਥਾਣਾ ਮੁਖੀ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਗਰੇਵਾਲ ਵਿਰੁੱਧ ਕੇਸ ਦਰਜ ਕਰ ਕੇ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਐਸਐਚਓ ਧਨੌਲਾ ਨੇ ਕਿਹਾ ਕਿ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।