ਖੇਤਰੀ ਪ੍ਰਤੀਨਿਧ
ਪਟਿਆਲਾ, 15 ਅਪਰੈਲ
‘ਡਿਪਲੋਮਾ ਇੰਜਨੀਅਰ ਐਸੋਸੀਏਸ਼ਨ ਪੰਜਾਬ’ ਦੇ ਨਵ-ਨਿਯੁਕਤ ਸੂਬਾਈ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਜਥੇਬੰਦੀ ਦੇ ਸੂਬਾਈ ਵਿੱਤ ਸਕੱਤਰ ਕਮਰਜੀਤ ਸਿੰਘ ਮਾਨ ਤੇ ਸੂਬਾਈ ਜਨਰਲ ਸਕੱਤਰ ਅਰਵਿੰਦ ਸੈਣੀ ਨੇ ਜਥੇਬੰਦੀ ਦੇ ਸਾਥੀਆਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। ਅਸੋਸੀਏਸ਼ਨ ਦੇ ਤਿੰਨੋਂ ਪ੍ਰਮੁੱਖ ਅਹੁਦੇਦਾਰਾਂ ਨੇ ਆਪਣੇ ਸਾਥੀ ਇੰਜਨੀਅਰਾਂ ਨੂੰ ਭਰੋਸਾ ਦਿੱਤਾ ਕਿ ਉਹ ਸਮੂਹ ਸਾਥੀਆਂ ਦੀਆਂ ਮੰਗਾਂ ਦੀ ਪੂਰਤੀ ਅਤੇ ਮਸਲਿਆਂ ਦੇ ਹੱਲ ਲਈ ਮੂਹਰੇ ਹੋ ਕੇ ਲੜਾਈ ਲੜਨਗੇ। ਅੱਜ ਇਥੇ ਸੂਬਾਈ ਮੀਟਿੰਗ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਇੰਜਨੀਅਰਾਂ ਦੇ ਰਹਿੰਦੇ ਵੱਖ ਵੱਖ ਤਰ੍ਹਾਂ ਦੇ ਭੱਤੇ ਫੌਰੀ ਤੌਰ ’ਤੇ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇੰਜਨੀਅਰਾਂ ਨੂੰ ਮਿਲਦਾ ਪੈਟਰੋਲ ਭੱਤਾ ਪਿਛਲੀ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਸੀ, ਜਿਸ ਦੀ ਬਹਾਲੀ ਲਈ ਇੰਜਨੀਅਰਾਂ ਵੱਲੋਂ ਸੂਬਾਈ ਹੜਤਾਲਾਂ ਵੀ ਕੀਤੀਆਂ ਗਈਆਂ ਹਨ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਸਰਕਾਰ ਤੋਂ ਇਹ ਭੱਤਾ ਬਹਾਲ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਨਵੀਂ ਬਣੀ ਸਰਕਾਰ ਵੱਲੋਂ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤੇ ਇਹ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਮੁੜ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।