ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
ਜੱਲ੍ਹਿਆਂਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਨੁਮਾਇੰਦਿਆਂ ਨੇ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੰਗ-ਪੱਤਰ ਦਿੱਤਾ। ਕਮੇਟੀ ਨੇ ਇਸ ਮਾਮਲੇ ਸਬੰਧੀ 26 ਸਤੰਬਰ ਨੂੰ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਮੀਟਿੰਗ ਸੱਦੀ ਹੋਈ ਹੈ, ਜਿਸ ਵਿਚ ਅਗਲੀ ਰਣਨੀਤੀ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਵਫ਼ਦ ਵਿੱਚ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਮੀਤ ਪ੍ਰਧਾਨ ਸ਼ੀਤਲ ਸਿੰਘ ਸੰਘਾ, ਜਨਰਲ ਸਕੱਤਰ ਗੁਰਮੀਤ ਸਿੰਘ, ਸਹਾਇਕ ਸਕੱਤਰ ਡਾ. ਪਰਮਿੰਦਰ, ਖਜ਼ਾਨਚੀ ਰਣਜੀਤ ਸਿੰਘ ਔਲਖ ਤੇ ਟਰੱਸਟ ਮੈਂਬਰ ਸੁਰਿੰਦਰ ਕੁਮਾਰੀ ਕੋਛੜ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਕਮੇਟੀ ਦੀਆਂ ਮੰਗਾਂ ਨੂੰ ਸਬੰਧਤ ਵਿਭਾਗ ਤੇ ਅਧਿਕਾਰੀਆਂ ਕੋਲ ਪਹੁੰਚਾਉਣਗੇ।