ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਖਟਕੜ ਕਲਾਂ ਵਿੱਚ ਕੌਮੀ ਪੱਧਰ ਦਾ ਸਮਾਗਮ ਕਰਨ ਦੀ ਮੰਗ ਕੀਤੀ ਗਈ। ਇਸ ਲਈ ਸੁਸਾਇਟੀ ਦੇ ਮੈਂਬਰ ਗੁਰਜੀਤ ਦੁਸਾਂਝ, ਸ਼ਬਦੀਪ ਸਿੰਘ ਸੰਧੂ, ਹਰਮਿੰਦਰ ਸਿੰਘ ਲੱਕੀ, ਤਰਲੋਚਨ ਸਿੰਘ, ਗੌਰਵ ਘਈ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਭਾਜਪਾ ਪ੍ਰਧਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਖਟਕੜ ਕਲਾਂ ਵਿੱਚ ਕੌਮੀ ਪੱਧਰ ਦਾ ਸਮਾਗਮ ਕੀਤਾ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਦੀ ਮੰਗ ਵੀ ਕੀਤੀ ਹੈ। ਇਸ ਮੌਕੇ ਸੁਸਾਇਟੀ ਮੈਂਬਰਾਂ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਿੰਡ ਖਟਕੜ ਕਲਾਂ ਅਤੇ ਇਲਾਕੇ ਦੀਆਂ ਮੁੱਖ ਮੰਗਾਂ ਬਾਰੇ ਜਾਣੂ ਕਰਵਾਇਆ।
ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਪੱਤਰ ਭੇਜ ਕੇ ਵੀ ਇਸ ਸਬੰਧੀ ਮੰਗ ਕੀਤੀ ਸੀ, ਜਿਸ ਬਾਰੇ ਪ੍ਰਧਾਨ ਮੰਤਰੀ ਦਫ਼ਤਰ ਨੇ ਜਵਾਬ ਦਿੱਤਾ ਸੀ ਕਿ ਉਹ ਸਮਾਗਮ ਬਾਰੇ ਵਿਚਾਰ ਕਰ ਰਹੇ ਹਨ।