ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ/ਚੰਡੀਗੜ੍ਹ, 13 ਅਗਸਤ
ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਹੋਣ ਖ਼ਿਲਾਫ਼ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਮਾਝਾ-ਦੁਆਬਾ ਤੇ ਮਾਲਵਾ ਨਾਲ ਸਬੰਧਿਤ 11 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਹਨ। ਅੰਮ੍ਰਿਤਸਰ ਵਿੱਚ ਇਸ ਸਬੰਧੀ ਮੰਗ ਪੱਤਰ ਪਾਰਟੀ ਦੇ ਸੀਨੀਅਰ ਆਗੂ ਮਨਮੋਹਨ ਸਿੰਘ ਸਠਿਆਲਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ, ਦਲਜਿੰਦਰਬੀਰ ਸਿੰਘ ਵਿਰਕ ਅਤੇ ਸਵਰਨ ਸਿੰਘ ਕੁਰਾਲੀਆਂ ਆਦਿ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਜੀਏ ਨੂੰ ਸੌਂਪਿਆ ਗਿਆ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ’ਤੇ ਮੰਗ ਪੱਤਰ ਸੌਂਪੇ ਗਏ।
ਇਸ ਬਾਰੇ ਪਾਰਟੀ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਅੰਮ੍ਰਿਤਸਰ, ਤਰਨ ਤਾਰਨ, ਜਲੰਧਰ, ਨਵਾਂ ਸ਼ਹਿਰ, ਰੋਪੜ, ਮੁਹਾਲੀ, ਪਟਿਆਲਾ, ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਠਿੰਡਾ ਆਦਿ ਵਿਚ ਮੰਗ ਪੱਤਰ ਦੇ ਕੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸ ਸਾਹਿਬ ਤੋਂ ਚੋਰੀ ਹੋਏ ਪੁਰਾਤਨ ਸਰੂਪ ਨੂੰ ਬਿਨਾਂ ਦੇਰੀ ਲੱਭਿਆ ਜਾਵੇ ਤੇ ਹੁਣ ਤਕ ਦੀ ਕਾਰਵਾਈ ਦੇ ਵੇਰਵੇ ਜਨਤਕ ਕੀਤੇ ਜਾਣ।
ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਹਿਲਾਂ 2015 ਵਿਚ ਵਾੜਾ ਜਵਾਹਰ ਸਿੰਘ ਵਾਲਾ ਤੋਂ ਸਰੂਪ ਚੋਰੀ ਹੋਏ ਸਨ ਤੇ ਹੁਣ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ 267 ਪਾਵਨ ਸਰੂਪ ਲਾਪਤਾ ਹੋ ਗਏ ਹਨ। ਇਨ੍ਹਾਂ ਬਾਰੇ ਅਜੇ ਪਤਾ ਨਹੀਂ ਲੱਗਿਆ ਤਾਂ ਇਸ ਦੌਰਾਨ ਗੁਰਦੁਆਰਾ ਅਰਦਾਸ ਸਾਹਿਬ ਤੋਂ ਪੁਰਾਤਨ ਸਰੂਪ ਚੋਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਠੋਸ ਕਾਰਵਾਈ ਕਰਨੀ ਚਾਹੀਦੀ ਹੈ।ਪਾਰਟੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਊਣ ਲਈ ਅੱਜ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ। ਊਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਕਰਕੇ ਸੂਬੇ ਦੀ ਜਨਤਾ ਵਿੱਚ ਕਾਂਗਰਸ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਟਕਸਾਲੀ ਦਲ ਦੇ ਆਗੂ ਨੇ ਕਿਹਾ ਕਿ ਸ਼ਰਾਬ ਮਾਫੀਆ, ਡਰੱਗ ਮਾਫੀਆ, ਰੇਤ ਮਾਫੀਆ ਦਾ ਵਧਦਾ ਦਬਦਬਾ ਸੂਬੇ ਲਈ ਹਾਨੀਕਾਰਕ ਹੈ।
ਪਾਵਨ ਸਰੂਪ ਜਬਰੀ ਚੁੱਕਣਾ ਉੱਚਿਤ ਨਹੀਂ: ਹਰਪ੍ਰੀਤ ਸਿੰਘ਼
ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਜਲਾਲਾਂ ’ਚੋਂ ਅੰਮ੍ਰਿਤਧਾਰੀ ਸੇਵਾਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ ਪਾਵਨ ਸਰੂਪ ਜਬਰੀ ਚੁੱਕ ਕੇ ਲਿਆਉਣ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੇ ਸਤਿਕਾਰ ਦੇ ਨਾਂ ’ਤੇ ਕੁਝ ਵਿਅਕਤੀਆਂ ਵਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜੋ ਕਿ ਕਿਸੇ ਵੀ ਤਰ੍ਹਾਂ ਉੱਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਧੱਕੇਸ਼ਾਹੀਆਂ ਦੀਆਂ ਇਨ੍ਹਾਂ ਜਥੇਬੰਦੀਆਂ ਖ਼ਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਆ ਚੁੱਕੀਆਂ ਹਨ ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਸੰਗਤ ਅਤੇ ਪ੍ਰਸ਼ਾਸਨ ਨੂੰ ਸੂਚਿਤ ਕਰਦਿਆਂ ਆਖਿਆ ਕਿ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਆਦੇਸ਼ ਮੁਤਾਬਕ ਕਿਸੇ ਵੀ ਜਥੇਬੰਦੀ ਨੂੰ ਅਕਾਲ ਤਖ਼ਤ ਦੀ ਪ੍ਰਵਾਨਗੀ ਤੋਂ ਬਿਨਾਂ ਪਾਵਨ ਸਰੂਪ ਜ਼ਬਰਦਸਤੀ ਲਿਆਉਣ ਦੀ ਆਗਿਆ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਦੇ ਘਰੋਂ ਪਾਵਨ ਸਰੂਪ ਧੱਕੇ ਨਾਲ ਚੁਕ ਕੇ ਲਿਆਉਣਾ ਉਚਿਤ ਨਹੀਂ ਹੈ।