ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਨਵੰਬਰ
ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਬੀਆਂ ਨੂੰ ਕੀਰਤਨ ਕਰਨ ਦੀ ਆਗਿਆ ਦੇਣ ਦਾ ਮਾਮਲਾ ਇੱਕ ਵਾਰ ਮੁੜ ਉੱਭਰਿਆ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਮੈਂਬਰ ਕਿਰਨਜੋਤ ਵੱਲੋਂ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇੱਕ ਪੱਤਰ ਭੇਜਿਆ ਗਿਆ ਹੈ। ਪੱਤਰ ਵਿਚ ਉਨ੍ਹਾਂ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੀਬੀਆਂ ਨੂੰ ਗੁਰਬਾਣੀ ਦਾ ਕੀਰਤਨ ਕਰਨ ਦੀ ਆਗਿਆ ਦੇਣ ਅਤੇ ਇਸ ਕਾਰਜ ਲਈ ਪਹਿਲਕਦਮੀ ਕਰਨ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਪਹਿਲਕਦਮੀ ਤਹਿਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਬੀਆਂ ਦੇ ਰਾਗੀ ਜਥੇ ਨੂੰ ਉਸ ਦਿਨ ਇੱਥੇ ਇਕ ਸ਼ਬਦ ਚੌਕੀ ਦੀ ਹਾਜ਼ਰੀ ਭਰਨ ਲਈ ਸੱਦਾ ਦਿੱਤਾ ਜਾਵੇ। ਉਨ੍ਹਾਂ ਲਿਖਿਆ ਕਿ ਗੁਰੂ ਘਰ ਦੀ ਮਰਿਆਦਾ ਅਤੇ ਸਿਧਾਂਤਕ ਪੱਖੋਂ ਇੱਥੇ ਔਰਤਾਂ ਨੂੰ ਕੀਰਤਨ ਕਰਨ ਦੀ ਕੋਈ ਮਨਾਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਵਿਚ ਕੀਰਤਨ ਦੇ ਮਾਮਲੇ ਵਿਚ ਔਰਤਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ।