ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਸਰਕਾਰ ਤੋਂ ਕੈਮੀਕਲ ਫੈਕਟਰੀਆਂ ਵੱਲੋਂ ਬੋਰ ਕਰ ਕੇ ਧਰਤੀ ਹੇਠਾਂ ਰਸਾਇਣ ਯੁਕਤ ਪਾਣੀ ਸੁੱਟਣ ਤੋਂ ਰੋਕਣ ਦੀ ਮੰਗ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਭਵਾਨੀਗੜ੍ਹ ਦੇ ਪਿੰਡ ਤੋਂ ਇਲਾਵਾ ਲੁਧਿਆਣਾ ਦੇ ਬੁੱਢੇ ਨਾਲੇ ’ਚ ਫੈਕਟਰੀਆਂ ਦਾ ਕੈਮੀਕਲ ਵਾਲਾ ਪਾਣੀ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਧਰਤੀ ਹੇਠਲਾ ਪੀਣ ਵਾਲਾ ਪਾਣੀ ਦੂਸ਼ਿਤ ਹੋ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ਪਾਸੇ ਗੰਭੀਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਜਿਸ਼ ਤਹਿਤ ਪੰਜਾਬ ਦੀ ਜਵਾਨੀ, ਕਿਸਾਨੀ, ਵਪਾਰ ਅਤੇ ਵਿਦਿਅਕ ਢਾਂਚੇ ਨੂੰ ਤਬਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਨੂੰ ਬਚਾਉਣ ਲਈ ਪੰਜਾਬੀਆਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ।