ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਜੁਲਾਈ
‘ਇੰਟਰਨੈਸ਼ਨਲ ਸੰਤ ਸਮਾਜ’ ਨੇ ਸ੍ਰੀ ਅਕਾਲ ਤਖ਼ਤ ਨੂੰ ਅਪੀਲ ਕੀਤੀ ਹੈ ਕਿ ਸਿਆਸਤਦਾਨਾਂ ਨੂੰ ਚੋਣਾਂ ਸਮੇਂ ਗੁਰਬਾਣੀ ਜਾਂ ਗੁਟਕੇ ਦੀ ਸਹੁੰ ਚੁੱਕ ਕੇ ਐਲਾਨ ਕਰਨ ਤੋਂ ਰੋਕਣ ਲਈ ਆਦੇਸ਼ ਜਾਰੀ ਕੀਤਾ ਜਾਵੇ। ਜਥੇਬੰਦੀ ਨੇ ਅਜਿਹੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਬੰਦੀ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਦੇ ਨਾਂ ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਪੱਤਰ ਸੌਂਪਿਆ। ਇਸ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਗ੍ਰੰਥ ਸਾਹਿਬ, ਗੁਰਬਾਣੀ ਅਤੇ ਗੁਟਕੇ ਦਾ ਅਹਿਮ ਸਥਾਨ ਹੈ। ਇਸ ਲਈ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕੀਤੇ ਐਲਾਨ ਨੂੰ ਸਭ ਤੋਂ ਉੱਪਰ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿੱਚ ਗੁਟਕਾ ਫੜ ਕੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਜੋ ਹੁਣ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਗੁਰੂ ਨੂੰ ਹਾਜ਼ਰ ਨਾਜ਼ਰ ਮੰਨ ਕੇ ਕੀਤੇ ਐਲਾਨਾਂ ਤੋਂ ਮੁੱਕਰਨ ਦੇ ਦੋਸ਼ ਹੇਠ ਉੁਨ੍ਹਾਂ ਨੂੰ ਅਕਾਲ ਤਖ਼ਤ ’ਤੇ ਸੱਦ ਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੁਟਕਾ ਫੜ ਕੇ ਸਹੁੰ ਚੁੱਕਣ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਸਿਰ ’ਤੇ ਰੱਖ ਕੇ ਸਹੁੰ ਚੁੱਕਣ ਦੀ ਪਿਰਤ ਪੈਣ ਤੋਂ ਰੋਕਣ ਲਈ ਇਸ ਸਬੰਧੀ ਅਕਾਲ ਤਖ਼ਤ ਤੋਂ ਆਦੇਸ਼ ਜਾਰੀ ਕੀਤਾ ਜਾਵੇ।