ਸ਼ਗਨ ਕਟਾਰੀਆ
ਬਠਿੰਡਾ, 14 ਦਸੰਬਰ
ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਅੱਜ ਦੇ ਧਰਨਾ ਪ੍ਰਦਰਸ਼ਨਾਂ ਦੀ ਕੜੀ ਤਹਿਤ ਵੱਖ-ਵੱਖ ਕਿਸਾਨ ਯੂਨੀਅਨਾਂ ਅਤੇ ਭਰਾਤਰੀ ਸੰਗਠਨਾਂ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਆਰੰਭ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕਾਨੂੰਨਾਂ ਖ਼ਿਲਾਫ਼ ਸ਼ਹਿਰ ਵਿਚ ਰੋਸ ਮਾਰਚ ਕਰਕੇ ਰੋਸ ਪ੍ਰਗਟਾਇਆ ਜਾ ਰਿਹਾ ਹੈ।
ਆਗੂਆਂ ਨੇ ਕੇਂਦਰ ’ਤੇ ਹੈਂਕੜੀ ਵਤੀਰਾ ਅਪਨਾਉਣ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਖੇਤੀ ਨਾਲ ਸਬੰਧਿਤ ਕਾਨੂੰਨਾਂ ਤੋਂ ਇਲਾਵਾ ਬਿਜਲੀ ਐਕਟ-2020, ਪਰਾਲੀ ਸਬੰਧੀ ਆਰਡੀਨੈਂਸ ਸਿਰੇ ਤੋਂ ਖਾਰਜ ਕੀਤੇ ਜਾਣ। ਉਨ੍ਹਾਂ ਕਥਿਤ ਝੂਠੇ ਕੇਸਾਂ ’ਚ ਜੇਲ੍ਹ ’ਚ ਬੰਦ ਬੁੱਧੀਜੀਵੀਆਂ, ਲੇਖਕਾਂ ਅਤੇ ਪੱਤਰਕਾਰਾਂ ਦੀ ਬਗ਼ੈਰ ਸ਼ਰਤ ਰਿਹਾਈ ਦੀ ਵੀ ਕੇਂਦਰ ਸਰਕਾਰ ਤੋਂ ਮੰਗ ਕੀਤੀ।
ਮੋਗਾ(ਮਹਿੰਦਰ ਸਿੰਘ ਰੱਤੀਆਂ): ਖੇਤੀ ਕਾਨੂੰਨਾਂ ਖਿਲਾਫ ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਅੱਜ ਕੜਾਕੇ ਦੀ ਠੰਢ ਵਿਚ ਧਰਨਾ ਆਰੰਭਿਆ ਗਿਆ , ਜਿਸ ਵਿੱਚ ਵੱਡੀ ਗਿਣਤੀ ਬੀਬੀਆਂ ਵੀ ਸ਼ਾਮਲ ਹੋਈਆਂ । ਇਸ ਮੌਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸਮਰਾਲਾ(ਡੀਪੀਐਸ ਬਤਰਾ): ਤਹਿਸੀਲ ਕੰਪਲੈਕਸ ਸਮਰਾਲਾ ਅੱਗੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਵੀ ਸ਼ਿਰਕਤ। ਇਸ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ਵਿਚ ਰੋਸ ਮਾਰਚ ਵੀ ਕੀਤਾ ਗਿਆ।
ਖੰਨਾ(ਜੋਗਿੰਦਰ ਸਿੰਘ ਓਬਰਾਏ): ਭਾਰਤੀ ਕਿਸਾਨ ਯੂਨੀਅਨ ਦੇ ਸਰਗਰਮ ਵਰਕਰਾਂ ਨੇ ਵੱਡੀ ਗਿਣਤੀ ਵਿਚ ਇੱਕਠੇ ਹੋ ਕੇ ਅੱਜ ਇਥੋਂ ਦੇ ਏ.ਡੀ.ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਸਬੰਧੀ ਧਰਨਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਅਤੇ ਹਰਜਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਦੇ ਹੋਏ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਅਤੇ ਕਿਹਾ ਕਿ ਜਿੰਨਾ ਚਿਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਓਨਾ ਚਿਰ ਦਿੱਲੀ ਵਿਚ ਕਿਸਾਨ ਅੰਦੋਲਨ ਜਾਰੀ ਰਹੇਗਾ।