ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 27 ਅਕਤੂਬਰ
ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਤਕਰੀਬਨ ਢਾਈ-ਤਿੰਨ ਸੌ ਕਿਲੋਮੀਟਰ ਦੂਰ ਆਪਣੀ ਆਵਾਜ਼ ਸੁਣਾਉਣ ਲਈ ਕੈਬਨਿਟ ਮੰਤਰੀ ਦੇ ਪਿੰਡ ਆਉਣਾ ਪਿਆ। ਕਾਲੇ ਪਹਿਰਾਵਿਆਂ ਵਿੱਚ ਆਏ ਅਧਿਆਪਕਾਂ ਨੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਕੇ ਰੋਸ ਦਾ ਪ੍ਰਗਟਾਵਾ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ ਇਸ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵਾਅਦਾਖਿਲਾਫ਼ੀ ਵਿਰੁੱਧ ਪ੍ਰਦਰਸ਼ਨ ਕਰਨ ਲਈ ਇੱਥੇ ਇਕੱਠੇ ਹੋਏ ਹਨ। ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਕੋਲੋਂ ਮੰਗ ਪੱਤਰ ਲਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਯੂਨੀਅਨ ਆਗੂਆਂ ਦੀ ਸਿੱਖਿਆ ਮੰਤਰੀ ਨਾਲ 6 ਨਵੰਬਰ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਮੀਟਿੰਗ ਤੈਅ ਕਰਵਾ ਦਿੱਤੀ ਹੈ।
ਯੂਨੀਅਨ ਦੇ ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਐਲਾਨ ਕੀਤਾ ਕਿ ਸਿੱਖਿਆ ਮੰਤਰੀ ਨਾਲ ਮੀਟਿੰਗ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਡਾ. ਪਰਮਜੀਤ ਸਿੰਘ, ਐਸ਼ਪ੍ਰੀਤ ਕੌਰ, ਹਰਪ੍ਰੀਤ ਸਿੰਘ, ਡਾ. ਬਲਰਾਜ ਸਿੰਘ, ਬਿਕਰਮਜੀਤ ਸਿੰਘ, ਮਨੋਜ ਕੁਮਾਰ, ਰਮੇਸ਼ ਕੁਮਾਰ, ਰਾਜਵੀਰ ਕੌਰ, ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ, ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਪ੍ਰਧਾਨ ਰਣਬੀਰ ਸਿੰਘ ਨੇ ਵੀ ਸੰਬੋਧਨ ਕੀਤਾ।