ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 28 ਸਤੰਬਰ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ’ਚ ਇਨਸਾਫ ਦੀ ਮੰਗ ਕਰ ਰਹੇ ਸਿੱਖਾਂ ਨੇ ਲੰਘੀ ਰਾਤ ਕਥਿਤ ਪ੍ਰਸ਼ਾਸਨ ਵੱਲੋਂ ਮੋਰਚੇ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਦੀ ਭਿਣਕ ਪੈਣ ਮਗਰੋਂ ਕੌਮੀ ਮਾਰਗ-54 ਉਤੇ ਆਵਾਜਾਈ ਠੱਪ ਕਰ ਕੇ ਮੁਜ਼ਾਹਰਾ ਕੀਤਾ। ਜ਼ਿਕਰਯੋਗ ਹੈ ਕਿ ਉਕਤ ਕੌਮੀ ਮਾਰਗ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ’ਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਲਈ ਇਨਸਾਫ਼ ਦੀ ਮੰਗ ਸਬੰਧੀ 8 ਮਹੀਨਿਆਂ ਤੋਂ ‘ਬੇਅਦਬੀ ਇਨਸਾਫ਼ ਮੋਰਚਾ’ ਚੱਲ ਰਿਹਾ ਹੈ। ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਇਸ ਮੋਰਚੇ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਪ੍ਰਦਰਸ਼ਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਦਿਆਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਅਧਿਕਾਰੀ ਇਹ ਸਪੱਸ਼ਟ ਕਰਨ ਕਿ ਕਿਸ ਵਿਅਕਤੀ ਨੂੰ ਇਸ ਮੋਰਚੇ ’ਤੇ ਇਤਰਾਜ਼ ਹੈ, ਜਿਸ ਕਾਰਨ ਪ੍ਰਸ਼ਾਸਨ ਮੋਰਚੇ ਨੂੰ ਚੁਕਵਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਮ੍ਰਿਤਕ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਆ ਵਾਲਾ ਨੇ ਦੱਸਿਆ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਲੈਣ ਲਈ ਮੋਰਚੇ ’ਤੇ ਇਹ ਆਸ ਲਾ ਕੇ ਬੈਠਾ ਹੈ ਕਿ ਕਦੇ ਤਾਂ ਉਸ ਦੀ ਸੁਣੀ ਜਾਵੇਗੀ ਪਰ ਸਰਕਾਰ ਤੇ ਪ੍ਰਸ਼ਾਸਨ ਨੇ ਇਨਸਾਫ ਦੇਣਾ ਤਾਂ ਦੂਰ ਸਗੋਂ ਉਨ੍ਹਾਂ ਦੇ ਮੋਰਚੇ ਨੂੰ ਚੁਕਵਾਉਣ ਦੀ ਤਿਆਰੀ ਵਿੱਢ ਲਈ ਹੈ। ਇਹ ਵੀ ਪਤਾ ਲੱਗਾ ਕਿ ਮੋਰਚੇ ਵੱਲੋਂ ਇਸ ਸਬੰਧੀ ਪਹਿਲੀ ਅਕਤੂਬਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਇਸ ਜਗ੍ਹਾ ’ਤੇ ਗੁਰੂ ਗ੍ਰੰਥ ਸਾਹਿਬ ਦੇ ਪਾਠ ਚੱਲ ਰਹੇ ਹਨ ਅਤੇ ਕੁਦਰਤੀ ਮਾਰ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ।