ਜਗਮੋਹਨ ਸਿੰਘ
ਘਨੌਲੀ, 10 ਜਨਵਰੀ
ਇੱਥੇ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੁਲਾਜ਼ਮਾਂ ਨੇ ਨੂੰਹੋਂ ਕਲੋਨੀ ਨੇੜੇ ਪੰਜਾਬ ਸਰਕਾਰ ਦੇ ਵਾਅਦਿਆਂ ਤੇ ਲਾਰਿਆਂ ਦਾ ਭਰਿਆ ਘੜਾ ਭੰਨ੍ਹ ਕੇ ਰੋਸ ਮੁਜ਼ਾਹਰਾ ਕੀਤਾ। ਸਾਂਝਾ ਮੰਚ ਥਰਮਲ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਬੇਇਮਾਨੀ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਦੀਆਂ ਵਾਰ-ਵਾਰ ਤਰੀਕਾਂ ਬਦਲ ਕੇ ਚੋਣ ਜ਼ਾਬਤਾ ਲੱਗਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕਰ ਕੇ ਵਾਹ-ਵਾਹ ਤਾਂ ਖੱਟ ਲਈ ਪਰ ਅਸਲੀਅਤ ਵਿੱਚ ਇਕ ਵੀ ਠੇਕਾ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ।