ਮਨੋਜ ਸ਼ਰਮਾ
ਬਠਿੰਡਾ, 18 ਸਤੰਬਰ
ਦਿਹਾਤੀ ਮਜ਼ਦੂਰ ਸਭਾ ਅਤੇ ਮਜ਼ਦੂਰ ਏਕਤਾ ਸੰਘਰਸ਼ ਯੂਨੀਅਨ ਦੀਆਂ ਬਠਿੰਡਾ ਜ਼ਿਲ੍ਹਾ ਕਮੇਟੀਆਂ ਦੇ ਸੱਦੇ ‘ਤੇ ਇਕੱਤਰ ਹੋਈਆਂ ਭਾਰੀ ਗਿਣਤੀ ਔਰਤਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਮਾਰਿਆ। ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਬੀਬੀ ਦਰਸ਼ਨਾ ਕੌਰ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਵਿੱਚ ਸ਼ਾਮਲ ਕਿਰਤੀਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਕੱਟੀਆਂ ਬੁਢਾਪਾ-ਵਿਧਵਾ- ਅੰਗਹੀਣ-ਆਸ਼ਰਿਤ ਪੈਨਸ਼ਨਾਂ ਫੌਰੀ ਬਹਾਲ ਕਰੇ। ਇਹ ਵੀ ਮੰਗ ਕੀਤੀ ਗਈ ਕਿ ਪੈਨਸ਼ਨਾਂ ਦੀ ਰਕਮ ਘੱਟੋ ਘੱਟ 3000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਇਕੱਤਰ ਲੋਕਾਂ ਵੱਲੋਂ 25 ਸਤੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਿਮਾਇਤ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਵਿੱਤ ਸਕੱਤਰ ਸਾਥੀ ਮਹੀਪਾਲ, ਗੁਰਮੀਤ ਸਿੰਘ ਜੈ ਸਿੰਘ ਵਾਲਾ, ਕਾਲਾ ਸਿੰਘ ਜੈ ਸਿੰਘ ਵਾਲਾ ਅਤੇ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਵਿਚਾਰ ਰੱਖੇ।