ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਲਈ ਮੁਹੱਈਆ ਕਰਵਾਏ ਗਏ ਫੰਡਾਂ ਦੀ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਤਾਂ ਜੋ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਜਾਂ ਭਲਾਈ ਸਕੀਮਾਂ ਦੀ ਸਪੁਰਦਗੀ ਵਿੱਚ ਦੇਰੀ ਕਾਰਨ ਫੰਡਾਂ ਦੇ ਅਣਵਰਤੇ ਰਹਿ ਜਾਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇ। ਵਿੱਤ ਮੰਤਰੀ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿੱਚ ਸਿਹਤ ਅਤੇ ਪਰਿਵਾਰ ਭਲਾਈ, ਸਥਾਨਕ ਸਰਕਾਰਾਂ, ਟਰਾਂਸਪੋਰਟ ਅਤੇ ਜਲ ਸਰੋਤ ਵਿਭਾਗ ਨਾਲ ਵਿਭਾਗੀ ਸਮੀਖਿਆ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਚੀਮਾ ਨੇ ਕਿਹਾ ਕਿ ਕਿਹਾ ਕਿ ਵਿੱਤ ਵਿਭਾਗ ਸਾਰੇ ਵਿਭਾਗਾਂ ’ਤੇ ਪੂਰੀ ਨਜ਼ਰ ਰੱਖੇਗਾ ਅਤੇ ਉਹ ਨਿੱਜੀ ਤੌਰ ’ਤੇ ਪ੍ਰਮੁੱਖ ਵਿਭਾਗਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰ ਕੇ ਉਨ੍ਹਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਦਾ ਅਧਿਐਨ ਕਰਨਗੇ।
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ’ਤੇ ਮਿਲ ਸਕਦੈ ਤੋਹਫਾ
ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੀਵਾਲੀ ਮੌਕੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਸਮੇਤ ਹੋਰ ਕਈ ਤੋਹਫ਼ੇ ਦੇਣ ਦੀ ਤਿਆਰੀ ਵਿੱਚ ਹੈ ਜਿਨ੍ਹਾਂ ਦਾ ਐਲਾਨ 21 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੀਤਾ ਜਾ ਸਕਦਾ ਹੈ। ਇਹ ਸੰਕੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤ ਤੇ ਯੋਜਨਾ ਭਵਨ ਚੰਡੀਗੜ੍ਹ ਵਿੱਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦ ਨਾਲ ਕੀਤੀ ਮੀਟਿੰਗ ਵਿੱਚ ਦਿੱਤਾ।