ਪੱਤਰ ਪ੍ਰੇਰਕ
ਐਸਏਐਸ ਨਗਰ, 8 ਜੂਨ
ਡਿੱਪੂ ਹੋਲਡਰ ਫੈੱਡਰੇਸ਼ਨ ਪੰਜਾਬ ਨੇ ਸਰਕਾਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਛੇਤੀ ਹੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਸੰਗਰੂਰ ਜ਼ਿਮਨੀ ਚੋਣ ਦੌਰਾਨ ਸਰਕਾਰ ਦੇ ਵਿਰੁੱਧ ਭੁਗਤੇਗੀ। ਇਹ ਐਲਾਨ ਅੱਜ ਇੱਥੇ ਡਿੱਪੂ ਹੋਲਡਰ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਕੀਤਾ। ਇਸ ਤੋਂ ਪਹਿਲਾਂ ਡਿੱਪੂ ਹੋਲਡਰਾਂ ਦੇ ਉੱਚ ਪੱਧਰੀ ਵਫ਼ਦ ਨੇ ਮੁੱਖ ਮੰਤਰੀ ਦੀ ਗੈ਼ਰਮੌਜੂਦਗੀ ਵਿੱਚ ਉਨ੍ਹਾਂ ਦੇ ਓਐੱਸਡੀ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਸੂਬਾ ਪ੍ਰਧਾਨ ਕਾਂਝਲਾ ਤੇ ਜ਼ਿਲ੍ਹਾ ਪ੍ਰਧਾਨ ਰਾਣਾ ਕਰਮਜੀਤ ਸਿੰਘ ਝੰਜੇੜੀ ਨੇ ਕਿਹਾ ਕਿ ਸਮੂਹ ਡਿੱਪੂ ਹੋਲਡਰਾਂ ਨੇ ਸਰਕਾਰ ਦੀ ਨਵੀਂ ਆਟਾ ਦੇਣ ਦੀ ਤਜਵੀਜ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਤਾਮਿਲਨਾਡੂ ਸਰਕਾਰ ਦੀ ਤਰਜ਼ ’ਤੇ ਪੰਜਾਬ ਦੇ ਡਿੱਪੂ ਹੋਲਡਰਾਂ ਨੂੰ ਮਾਣ ਭੱਤਾ (ਤਨਖ਼ਾਹ) ਦਿੱਤਾ ਜਾਵੇ ਤੇ ਹਰ ਮਹੀਨੇ ਕਣਕ ਦੀ ਸਪਲਾਈ ਯਕੀਨੀ ਬਣਾਈ ਜਾਵੇ।