ਪਾਲ ਸਿੰਘ ਨੌਲੀ
ਜਲੰਧਰ, 6 ਜੁਲਾਈ
ਦੇਸ਼ ਭਗਤ ਯਾਦਗਾਰ ਕਮੇਟੀ ਨੇ ਅੱਜ ਸ਼ੋਕ ਸਭਾ ਕਰ ਕੇ ਜਮਹੂਰੀ ਤੇ ਮਾਨਵੀ ਹੱਕਾਂ ਦੇ ਅਲੰਬਰਦਾਰ ਸਟੈਨ ਸਵਾਮੀ ਦੀ ਮੌਤ ਨੂੰ ਸੰਸਥਾਗਤ ਹੱਤਿਆ ਕਰਾਰ ਦਿੰਦਿਆਂ ਸਮਾਜ ਨੂੰ ਅਜਿਹੇ ਫਾਸ਼ੀਵਾਦ ਖ਼ਿਲਾਫ਼ ਉੱਠ ਖੜ੍ਹੇ ਹੋਣ ਦਾ ਸੱਦਾ ਦਿੱਤਾ ਹੈ। ਇੱਥੇ ਦੇਸ਼ ਭਗਤ ਯਾਦਗਾਰ ਹਾਲ ’ਚ ਦੇਸ਼ ਭਗਤ ਯਾਦਗਾਰ ਕਮੇਟੀ ਦੇ ਟਰੱਸਟੀ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਸਟੈਨ ਸਵਾਮੀ ਵੱਲੋਂ ਆਦਿਵਾਸੀ ਕਬੀਲਿਆਂ ਦੇ ਹੱਕਾਂ, ਜੰਗਲ, ਜਲ, ਜ਼ਮੀਨ ਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ’ਤੇ ਝਾਤ ਪਾਉਂਦਿਆਂ ਕਿਹਾ ਕਿ ਬਜ਼ੁਰਗ ਵਿਦਵਾਨ ਅਤੇ ਸਮਾਜ ਸੇਵੀ ਨੂੰ ਬਿਨਾਂ ਮੁਕੱਦਮਾ ਚਲਾਏ ਜੇਲ੍ਹ ਅੰਦਰ ਡੱਕੀ ਰੱਖਣਾ ਅਮਾਨਵੀ, ਜ਼ਾਲਮਾਨਾ ਅਤੇ ਮੌਤ ਦੇ ਮੂੰਹ ਧੱਕਣ ਵਾਲੀ ਕਾਤਲਾਨਾ ਕਾਰਵਾਈ ਹੈ। ਅਮੋਲਕ ਸਿੰਘ ਨੇ ਦੱਸਿਆ ਕਿ 11 ਜੁਲਾਈ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ‘ਕਿਸਾਨ ਅੰਦੋਲਨ ਦੇ ਸਾਹਿਤ ਅਤੇ ਸੱਭਿਆਚਾਰ ’ਤੇ ਪ੍ਰਭਾਵ’ ਵਿਸ਼ੇ ’ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ, ਜਿਸ ਵਿੱਚ ਡਾ. ਸੁਖਦੇਵ ਸਿਰਸਾ ਮੁੱਖ ਬੁਲਾਰੇ ਹੋਣਗੇ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਸਟੈਨ ਸਵਾਮੀ ਦੀ ਜੁਡੀਸ਼ਲ ਹਿਰਾਸਤ ਵਿੱਚ ਹੋਈ ਹੱਤਿਆ ਅੰਗਰੇਜ਼ਾਂ ਦੇ ਕਾਲ਼ੇ ਕਾਨੂੰਨਾਂ ਨੂੰ ਵੀ ਮਾਤ ਪਾਉਣ ਦਾ ਸ਼ਰਮਨਾਕ ਕਾਰਾ ਹੈ। ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਟਰੱਸਟੀ ਅਤੇ ਲਾਇਬਰੇਰੀ ਕਮੇਟੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ, ਸੀਤਲ ਸਿੰਘ ਸੰਘਾ, ਚਰੰਜੀ ਲਾਲ ਕੰਗਣੀਵਾਲ ਅਤੇ ਹਰਮੇਸ਼ ਮਾਲੜੀ ਮੌਜੂਦ ਸਨ।
ਸੀਪੀਆਈਐੱਮਐੱਲ ਵੱਲੋਂ ਸਟੈਨ ਸਵਾਮੀ ਦੀ ਮੌਤ ਖ਼ਿਲਾਫ਼ ਮੁਜ਼ਾਹਰੇ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਨੇ ਸਟੈਨ ਸਵਾਮੀ ਦੀ ਮੌਤ ਨੂੰ ਸਿਆਸੀ ਹੱਤਿਆ ਕਰਾਰ ਦਿੰਦਿਆਂ ਇਸ ਵਿਰੁੱਧ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੁਜ਼ਾਹਰੇ ਕੀਤੇ। ਇਸ ਮੌਕੇ ਪਾਰਟੀ ਨੇ ਸਟੈਨ ਸਵਾਮੀ ਦੇ ਸਿਆਸੀ ਕਤਲ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਤਲ ਦਾ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰਨ, ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ, ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਯੂਏਪੀਏ, 124-ਏ ਤੇ ਹੋਰ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਸੀਨੀਅਰ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਅਤੇ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਟੈਨ ਸਵਾਮੀ ਦਾ ਸਿਆਸੀ ਕਤਲ ਕੀਤਾ ਗਿਆ ਹੈ।