ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 5 ਜੁਲਾਈ
ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਹਵਾਲਾਤੀਆਂ ਤੇ ਕੈਦੀਆਂ ਵੱਲੋਂ ਰੋਕਾਂ ਦੇ ਬਾਵਜੂਦ ਸ਼ਰੇਆਮ ਮੋਬਾਈਲ ਫੋਨ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਜੇਲ੍ਹ ਅਧਿਕਾਰੀਆਂ ਨੇ ਜਦੋਂ ਬੈਰਕਾਂ ਦੀ ਤਲਾਸ਼ੀ ਲਈ ਤਾਂ ਛੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ, ਸਿਮ ਕਾਰਡ ਅਤੇ ਹੋਰ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਈ। ਸਿਟੀ ਪੁਲੀਸ ਫਰੀਦਕੋਟ ਨੇ ਸਹਾਇਕ ਜੇਲ੍ਹ ਸੁਪਰਡੈਂਟ ਜਸਕਿੰਦਰ ਸਿੰਘ ਦੀ ਸ਼ਿਕਾਇਤ ’ਤੇ ਹਵਾਲਾਤੀ ਧਰਮਿੰਦਰ ਸਿੰਘ, ਲਖਬੀਰ ਸਿੰਘ, ਫ਼ਤਹਿ ਸਿੰਘ, ਦੀਪਕ ਕੁਮਾਰ, ਵੀਰਪਾਲ ਕੌਰ ਅਤੇ ਸੁਨੀਲ ਕੁਮਾਰ ਖਿਲਾਫ਼ ਜੇਲ੍ਹ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਫ਼ਰੀਦਕੋਟ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਵਰਤੇ ਜਾਂਦੇ ਮੋਬਾਈਲ ਫੋਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜੇਲ੍ਹ ਦੇ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਸੀ। ਜੇਲ੍ਹ ਸੁਪਰਡੈਂਟ ਜੁਗਿੰਦਰਪਾਲ ਸਿੰਘ ਦੀ ਮੁਅੱਤਲੀ ਤੋਂ ਦੋ ਹਫ਼ਤੇ ਬਾਅਦ ਹੀ 22 ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ।
ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਸਿਟੀ ਪੁਲੀਸ ਨੇ ਇਨ੍ਹਾਂ ਸਾਰਿਆਂ ਖਿਲਾਫ਼ ਗ਼ੈਰਕਾਨੂੰਨੀ ਤਰੀਕੇ ਨਾਲ ਮੋਬਾਈਲ ਫੋਨ ਵਰਤਣ ਦੇ ਦੋਸ਼ਾਂ ਤਹਿਤ ਵੱਖ-ਵੱਖ ਪਰਚੇ ਦਰਜ ਕੀਤੇ ਹਨ। ਜਸਕਿੰਦਰ ਸਿੰਘ ਨੇ ਕਿਹਾ ਕਿ ਜਦੋਂ ਜੇਲ੍ਹ ਸਟਾਫ਼ ਨੇ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਤਾਂ ਹਵਾਲਾਤੀਆਂ ਕੋਲੋਂ ਮੋਬਾਈਲ ਅਤੇ ਸਿਮ ਆਦਿ ਮਿਲੇ। ਉਨ੍ਹਾਂ ਕਿਹਾ ਕਿ ਸਿਟੀ ਪੁਲੀਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ।